ਰੂਪਨਗਰ, 20 ਨਵੰਬਰ: 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਰੱਸਾਕਸ਼ੀ ਅੰਡਰ-17 ਲੜਕਿਆਂ ਦੇ ਮੁਕਾਬਲੇ ਅੱਜ ਸਥਾਨਕ ਨੇਤਾ ਜੀ ਮਾਡਲ ਸਕੂਲ, ਰੂਪਨਗਰ ਵਿਖੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਸੰਪੰਨ ਹੋ ਗਏ। ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਰੂਪਨਗਰ ਸ੍ਰੀ ਪ੍ਰੇਮ ਕੁਮਾਰ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਿਛਲੇ ਚਾਰ ਦਿਨਾਂ ਤੋਂ ਕਰਵਾਏ ਜਾ ਰਹੇ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਐਵਾਰਡੀ ਪ੍ਰਿੰਸੀਪਲ ਸ੍ਰੀ ਜਗਤਾਰ ਸਿੰਘ ਲੌਂਗੀਆ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਪਹਿਲਾਂ ਲੜਕੀਆਂ ਅਤੇ ਉਸ ਤੋਂ ਬਾਅਦ ਲੜਕਿਆਂ ਦੇ ਮੁਕਾਬਲੇ ਕਰਵਾਏ ਗਏ। ਲੜਕਿਆਂ ਦੇ ਵਰਗ ਵਿੱਚ ਪੰਜਾਬ ਭਰ ਤੋਂ 23 ਟੀਮਾਂ ਨੇ ਭਾਗ ਲੈਂਦਿਆਂ ਜਿੱਤ ਲਈ ਆਪਣੀ ਤਾਕਤ, ਤਾਲਮੇਲ ਅਤੇ ਖੇਡ ਕੌਸ਼ਲ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਉਨ੍ਹਾਂ ਦੱਸਿਆ ਕਿ ਲੜਕਿਆਂ ਦੇ ਵਰਗ ਦੇ ਸੈਮੀਫਾਈਨਲ ਮੁਕਾਬਲੇ ਲੁਧਿਆਣਾ ਅਤੇ ਬਠਿੰਡਾ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਅਤੇ ਤਰਨ ਤਾਰਨ ਦੀਆਂ ਟੀਮਾਂ ਵਿਚਕਾਰ ਹੋਏ। ਇਨ੍ਹਾਂ ਮੁਕਾਬਲਿਆਂ ਵਿੱਚ ਲੁਧਿਆਣਾ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਦੀਆਂ ਟੀਮਾਂ ਨੇ ਜਿੱਤ ਦਰਜ ਕਰਕੇ ਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ। ਫਾਈਨਲ ਮੁਕਾਬਲੇ ਵਿੱਚ ਲੁਧਿਆਣਾ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸ੍ਰੀ ਫਤਿਹਗੜ੍ਹ ਸਾਹਿਬ ਦੀ ਟੀਮ ਨੂੰ ਹਰਾ ਕੇ ਜੇਤੂ ਟਰਾਫ਼ੀ ਆਪਣੇ ਨਾਮ ਕੀਤੀ। ਇਸੇ ਤਰ੍ਹਾਂ ਤੀਜੇ ਸਥਾਨ ਲਈ ਹੋਏ ਮੁਕਾਬਲੇ ਵਿੱਚ ਬਠਿੰਡਾ ਦੀ ਟੀਮ ਨੇ ਤਰਨ ਤਾਰਨ ਨੂੰ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ।
ਸਮਾਪਤੀ ਸਮਾਰੋਹ ਮੌਕੇ ਸਾਬਕਾ ਸਹਾਇਕ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਜਤਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਵੱਲੋਂ ਮੁਕਾਬਲਿਆਂ ਵਿੱਚ ਪਹਿਲੇ ਚਾਰ ਸਥਾਨ ਹਾਸਲ ਕਰਨ ਵਾਲੀਆਂ ਟੀਮਾਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਸ੍ਰੀਮਤੀ ਸ਼ਰਨਜੀਤ ਕੌਰ ਨੇ ਸਮੁੱਚੇ ਪ੍ਰਬੰਧਕਾਂ, ਖੇਡ ਅਧਿਕਾਰੀਆਂ, ਨੇਤਾ ਜੀ ਮਾਡਲ ਸਕੂਲ ਦੀ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੀਆਂ ਟੀਮਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਡਾਇਰੈਕਟਰ ਭਾਰਤੀ ਸੈਣੀ, ਪ੍ਰਿੰਸੀਪਲ ਸੀਮਾ ਸਹਿਗਲ, ਹਰਮਨਦੀਪ ਸਿੰਘ, ਪੰਕਜ ਵਸ਼ਿਸ਼ਟ, ਮਨਜਿੰਦਰ ਸਿੰਘ, ਵਰਿੰਦਰ ਸਿੰਘ, ਸਰਬਜੀਤ ਕੌਰ, ਅਜੀਤ ਕੌਰ, ਇੰਦਰਜੀਤ ਸਿੰਘ ਅਤੇ ਦਵਿੰਦਰ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

















