Girls of Sri Anandpur Sahib School Shine with Outstanding Achievements
ਫਿਰੋਜ਼ਪੁਰ ਵਿਖੇ ਹੋਏ ਅੰਤਰ-ਜ਼ਿਲ੍ਹਾ ਅੰਡਰ-19 ਲੜਕੀਆਂ ਦੇ ਮੁੱਕੇਬਾਜ਼ੀ ਮੁਕਾਬਲਿਆਂ ਵਿੱਚ ਨੈਨਾ ਰਾਣਾ ਨੇ ਜਿੱਤਿਆ ਸੋਨ ਤਮਗਾ, ਰਵਨੀਤ ਕੌਰ ਨੇ ਜਿੱਤਿਆ ਕਾਂਸੀ ਦਾ ਤਮਗਾ
ਸ੍ਰੀ ਅਨੰਦਪੁਰ ਸਾਹਿਬ 07 ਨਵੰਬਰ : ਫਿਰੋਜ਼ਪੁਰ ਵਿਖੇ ਕਰਵਾਏ ਗਏ ਅੰਤਰ-ਜ਼ਿਲ੍ਹਾ ਅੰਡਰ-19 ਲੜਕੀਆਂ ਦੇ ਸਕੂਲ ਮੁੱਕੇਬਾਜ਼ੀ ਮੁਕਾਬਲਿਆਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਸਕੂਲ ਦੀ ਵਿਦਿਆਰਥਣ ਨੈਨਾ ਰਾਣਾ ਨੇ ਆਪਣੀ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨ ਤਮਗਾ ਜਿੱਤਿਆ, ਜਦਕਿ ਰਵਨੀਤ ਕੌਰ ਨੇ ਸ਼ਾਨਦਾਰ ਖੇਡ ਦਾ ਮੁਜ਼ਾਹਰਾ ਕਰਦਿਆਂ ਕਾਂਸੀ ਦਾ ਤਮਗਾ ਆਪਣੇ ਨਾਮ ਕੀਤਾ। ਦੋਵਾਂ ਖਿਡਾਰਨਾਂ ਦੀ ਇਸ ਪ੍ਰਾਪਤੀ ਨਾਲ ਸਕੂਲ ਅਤੇ ਸਮੁੱਚੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਵਿਦਿਆਰਥਣਾਂ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਸਦਕਾ ਇਹ ਕਾਮਯਾਬੀ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ।
ਇਸ ਮੌਕੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਨਾਲ-ਨਾਲ ਖੇਡਾਂ ਨੂੰ ਵੀ ਵਿਸ਼ੇਸ਼ ਉਤਸ਼ਾਹ ਦਿੱਤਾ ਜਾ ਰਿਹਾ ਹੈ। ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਸੂਬਾ ਤੇ ਕੌਮੀ ਪੱਧਰ ਦੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਵਧੀਆ ਮੌਕੇ ਮਿਲ ਰਹੇ ਹਨ। ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ, ਸਰੀਰਕ ਤੰਦਰੁਸਤੀ, ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਹਾਸਲ ਕੀਤੀਆਂ ਜਾ ਰਹੀਆਂ ਪ੍ਰਾਪਤੀਆਂ ਸਿੱਖਿਆ ਵਿਭਾਗ ਦੇ ਯਤਨਾਂ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦਾ ਪ੍ਰਮਾਣ ਹਨ।
ਸਕੂਲ ਦੇ ਪ੍ਰਿੰਸੀਪਲ ਨੀਰਜ ਕੁਮਾਰ ਵਰਮਾ ਨੇ ਦੋਵਾਂ ਵਿਦਿਆਰਥਣਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਵਿਦਿਆਰਥਣਾਂ ਦੀ ਮਿਹਨਤ, ਅਧਿਆਪਕਾਂ ਦੀ ਅਗਵਾਈ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਵਿੱਚ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਸਹਿ-ਵਿੱਦਿਅਕ ਗਤੀਵਿਧੀਆਂ ਨੂੰ ਵੀ ਉਤਸ਼ਾਹਿਤ ਕੀਤਾ ਜਾਂਦਾ ਹੈ, ਤਾਂ ਜੋ ਵਿਦਿਆਰਥੀ ਆਪਣੀ ਰੁਚੀ ਅਤੇ ਯੋਗਤਾ ਅਨੁਸਾਰ ਅੱਗੇ ਵਧ ਸਕਣ। ਉਨ੍ਹਾਂ ਕਿਹਾ ਕਿ ਨੈਨਾ ਰਾਣਾ ਵੱਲੋਂ ਸੋਨ ਤਮਗਾ ਅਤੇ ਰਵਨੀਤ ਕੌਰ ਵੱਲੋਂ ਕਾਂਸੀ ਦਾ ਤਮਗਾ ਜਿੱਤਣਾ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਬਣੇਗਾ।
ਇਸ ਸ਼ਾਨਦਾਰ ਪ੍ਰਾਪਤੀ ਲਈ ਡੀ.ਪੀ.ਈ. ਸੁਮਨ ਚੰਦਲਾ, ਅਸ਼ੋਕ ਕੁਮਾਰ, ਰਣਜੀਤ ਸਿੰਘ ਅਤੇ ਸਕੂਲ ਦੇ ਸਮੂਹ ਸਟਾਫ਼ ਮੈਂਬਰਾਂ ਨੇ ਜੇਤੂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥਣਾਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ ਸਕੂਲ ਨੂੰ ਮਾਣ ਮਹਿਸੂਸ ਕਰਵਾਇਆ ਹੈ। ਉਨ੍ਹਾਂ ਨੇ ਦੋਵਾਂ ਖਿਡਾਰਨਾਂ ਦੇ ਮਾਪਿਆਂ ਨੂੰ ਵੀ ਵਧਾਈ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਇਹ ਵਿਦਿਆਰਥਣਾਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਦਿਆਂ ਹੋਰ ਉੱਚੀਆਂ ਮੰਜ਼ਿਲਾਂ ਹਾਸਲ ਕਰਨਗੀਆਂ ਅਤੇ ਸਕੂਲ, ਸ਼ਹਿਰ ਤੇ ਪੰਜਾਬ ਦਾ ਨਾਮ ਰੌਸ਼ਨ ਕਰਨਗੀਆਂ।

















