ਜਨਗਣਨਾ-2027 ਤਹਿਤ ਸਵੈ-ਗਣਨਾ ਪ੍ਰਕਿਰਿਆ ਸਬੰਧੀ ਸਕੂਲ ਆਫ਼ ਐਮੀਨੈਂਸ (ਲੜਕੇ) ਰੂਪਨਗਰ ਵਿਖੇ ਲਗਾਇਆ ਜਾਗਰੂਕਤਾ ਕੈਂਪ


Census 2027: Awareness Camp on Self-Enumeration Process Organized at School of Eminence (Boys), Rupnagar
Census 2027: Awareness Camp on Self-Enumeration Process Organized at School of Eminence (Boys), Rupnagar
ਰੂਪਨਗਰ, 20 ਨਵੰਬਰ: ਜਨਗਣਨਾ-2027 ਦੀਆਂ ਤਿਆਰੀਆਂ ਤਹਿਤ ਲੋਕਾਂ ਨੂੰ ਸਵੈ-ਗਣਨਾ (ਸੈਲਫ਼ ਐਨਿਊਮਰੇਸ਼ਨ) ਪ੍ਰਕਿਰਿਆ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਸਕੂਲ ਆਫ਼ ਐਮੀਨੈਂਸ (ਲੜਕੇ) ਰੂਪਨਗਰ ਵਿਖੇ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਫੀਲਡ ਟ੍ਰੇਨਰ ਸ. ਤੇਜਿੰਦਰ ਸਿੰਘ ਅਤੇ ਸ. ਰਬਿੰਦਰ ਸਿੰਘ ਰੱਬੀ ਵੱਲੋਂ ਹਾਜ਼ਰ ਵਿਦਿਆਰਥੀਆਂ ਅਤੇ ਹੋਰਨਾਂ ਨੂੰ ਸਵੈ-ਗਣਨਾ ਦੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਜਨਗਣਨਾ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਅਤੇ ਸਵੈ-ਗਣਨਾ ਦੀ ਪ੍ਰਕਿਰਿਆ ਨੂੰ ਆਮ ਲੋਕਾਂ ਤੱਕ ਆਸਾਨੀ ਨਾਲ ਪਹੁੰਚਾਉਣਾ ਸੀ। ਉਨ੍ਹਾਂ ਦੱਸਿਆ ਕਿ ਜਨਗਣਨਾ ਦੇ ਕੰਮ ਨੂੰ ਸੁਚਾਰੂ, ਪਾਰਦਰਸ਼ੀ ਅਤੇ ਸੁਵਿਧਾਜਨਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਵੈ-ਗਣਨਾ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਰਾਹੀਂ ਨਾਗਰਿਕ ਨਿਰਧਾਰਤ ਸਮੇਂ ਦੌਰਾਨ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਅਤੇ ਘਰ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਖ਼ੁਦ ਦਰਜ ਕਰ ਸਕਦੇ ਹਨ।
ਫੀਲਡ ਟ੍ਰੇਨਰਾਂ ਨੇ ਸਵੈ-ਗਣਨਾ ਦੀ ਪ੍ਰਕਿਰਿਆ ਦੇ ਵੱਖ-ਵੱਖ ਪੜਾਵਾਂ, ਆਨਲਾਈਨ ਜਾਣਕਾਰੀ ਭਰਨ ਦੇ ਢੰਗ ਅਤੇ ਇਸ ਦੌਰਾਨ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਵੀ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਜਨਗਣਨਾ ਦੇ ਇਸ ਮਹੱਤਵਪੂਰਨ ਕਾਰਜ ਨੂੰ ਸਫ਼ਲ ਬਣਾਉਣ ਲਈ ਹਰੇਕ ਨਾਗਰਿਕ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ।
ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਬੰਧੀ ਪ੍ਰਾਪਤ ਜਾਣਕਾਰੀ ਆਪਣੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨਾਲ ਵੀ ਸਾਂਝੀ ਕਰਨ, ਤਾਂ ਜੋ ਵੱਧ ਤੋਂ ਵੱਧ ਲੋਕ ਸਵੈ-ਗਣਨਾ ਦੀ ਸਹੂਲਤ ਦਾ ਲਾਭ ਲੈ ਸਕਣ ਅਤੇ ਜਨਗਣਨਾ-2027 ਦੀ ਪ੍ਰਕਿਰਿਆ ਵਿੱਚ ਸਰਗਰਮ ਭੂਮਿਕਾ ਨਿਭਾ ਸਕਣ।
ਇਸ ਮੌਕੇ ਨਗਰ ਕੌਂਸਲ ਦਫ਼ਤਰ ਤੋਂ ਮੈਡਮ ਪ੍ਰਿਆ, ਸਕੂਲ ਦਾ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।

Leave a Comment

Your email address will not be published. Required fields are marked *

Scroll to Top