Anti-Stubble Burning Awareness Campaign: Over 100 NSS Volunteers of Government Girls Senior Secondary School, Rupnagar, Pledge Not to Burn Crop Residue.
ਰੂਪਨਗਰ, 20 ਨਵੰਬਰ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ.) ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਅਤੇ ਆਈ.ਸੀ.ਏ.ਆਰ.-ਅਟਾਰੀ, ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੂਪਨਗਰ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਰੂਪਨਗਰ ਵਿਖੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਸਕੂਲ ਪੱਧਰੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ 100 ਤੋਂ ਵੱਧ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਪਰਾਲੀ ਨਾ ਸਾੜਨ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਆਪਣਾ ਯੋਗਦਾਨ ਪਾਉਣ ਦਾ ਅਹਿਦ ਲਿਆ।
ਇਸ ਮੌਕੇ ਐਸੋਸੀਏਟ ਡਾਇਰੈਕਟਰ (ਸਿਖਲਾਈ) ਕੇ.ਵੀ.ਕੇ. ਰੂਪਨਗਰ ਡਾ. ਸਤਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪਰਾਲੀ ਸਾੜਨ ਦੇ ਮਿੱਟੀ ਦੀ ਸਿਹਤ, ਵਾਤਾਵਰਣ ਅਤੇ ਮਨੁੱਖੀ ਸਿਹਤ ਉੱਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਜਿੱਥੇ ਮਿੱਟੀ ਦੇ ਲਾਭਦਾਇਕ ਤੱਤ ਨਸ਼ਟ ਹੁੰਦੇ ਹਨ, ਉੱਥੇ ਹੀ ਹਵਾ ਪ੍ਰਦੂਸ਼ਣ ਵਿੱਚ ਵੀ ਵਾਧਾ ਹੁੰਦਾ ਹੈ, ਜਿਸ ਦਾ ਸਿੱਧਾ ਅਸਰ ਮਨੁੱਖੀ ਸਿਹਤ ਉੱਤੇ ਪੈਂਦਾ ਹੈ। ਉਨ੍ਹਾਂ ਨੇ ਫ਼ਸਲੀ ਰਹਿੰਦ-ਖੂੰਹਦ ਦੇ ਖੇਤ ਵਿੱਚ ਹੀ ਸੁਚੱਜੇ ਪ੍ਰਬੰਧਨ ਦੀਆਂ ਤਕਨੀਕਾਂ ਅਪਣਾਉਣ ਦੀ ਮਹੱਤਤਾ ਦੱਸਦਿਆਂ ਵਿਦਿਆਰਥੀਆਂ ਨੂੰ ਟਿਕਾਊ ਖੇਤੀਬਾੜੀ ਪ੍ਰਥਾਵਾਂ ਦੇ ਪ੍ਰਚਾਰ ਲਈ ਸਰਗਰਮ ਭੂਮਿਕਾ ਨਿਭਾਉਣ ਵਾਸਤੇ ਪ੍ਰੇਰਿਤ ਕੀਤਾ।
ਸਹਾਇਕ ਪ੍ਰੋਫੈਸਰ (ਐਗਰੋਫੋਰੈਸਟਰੀ) ਡਾ. ਅੰਕੁਰਦੀਪ ਪ੍ਰੀਤੀ ਨੇ ਵਿਦਿਆਰਥੀਆਂ ਨੂੰ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਵਰਤੀਆਂ ਜਾਣ ਵਾਲੀਆਂ ਆਧੁਨਿਕ ਮਸ਼ੀਨਾਂ, ਜਿਨ੍ਹਾਂ ਵਿੱਚ ਹੈਪੀ ਸੀਡਰ ਅਤੇ ਸਮਾਰਟ ਸੀਡਰ ਪ੍ਰਮੁੱਖ ਹਨ, ਦੀ ਕਾਰਜ ਪ੍ਰਣਾਲੀ ਅਤੇ ਲਾਭਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਸ਼ੀਨਾਂ ਦੀ ਮਦਦ ਨਾਲ ਪਰਾਲੀ ਨੂੰ ਅੱਗ ਲਗਾਏ ਬਿਨਾਂ ਹੀ ਖੇਤਾਂ ਵਿੱਚ ਕਣਕ ਦੀ ਬਿਜਾਈ ਸਮੇਤ ਫ਼ਸਲੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਕੀਤਾ ਜਾ ਸਕਦਾ ਹੈ।
ਇਸੇ ਦੌਰਾਨ ਪ੍ਰੋਫੈਸਰ (ਐਨੀਮਲ ਸਾਇੰਸ) ਡਾ. ਅਪਰਨਾ ਨੇ ਵਾਤਾਵਰਣ ਦੀ ਸੰਭਾਲ ਅਤੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਫੈਲਾਉਣ ਵਿੱਚ ਨੌਜਵਾਨਾਂ ਦੀ ਅਹਿਮ ਭੂਮਿਕਾ ਬਾਰੇ ਚਾਨਣਾ ਪਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਪਿੰਡਾਂ ਅਤੇ ਆਲੇ-ਦੁਆਲੇ ਦੇ ਭਾਈਚਾਰੇ ਵਿੱਚ ਪਰਾਲੀ ਨਾ ਸਾੜਨ ਦਾ ਸੁਨੇਹਾ ਪਹੁੰਚਾਉਣ ਲਈ ਪ੍ਰੇਰਿਤ ਕੀਤਾ।
ਵਿਦਿਆਰਥੀਆਂ ਦੀ ਸਿਰਜਣਾਤਮਕਤਾ ਅਤੇ ਸਰਗਰਮ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ‘ਪਰਾਲੀ ਸਾੜਨ ਤੋਂ ਕਰੋ ਇਨਕਾਰ’ ਵਿਸ਼ੇ ਉੱਤੇ ਮੌਕੇ ‘ਤੇ ਹੀ ਭਾਸ਼ਣ ਮੁਕਾਬਲਾ ਵੀ ਕਰਵਾਇਆ ਗਿਆ। ਇਸ ਵਿੱਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਵਾਤਾਵਰਣ ਦੀ ਸੁਰੱਖਿਆ ਅਤੇ ਫ਼ਸਲੀ ਰਹਿੰਦ-ਖੂੰਹਦ ਦੇ ਜ਼ਿੰਮੇਵਾਰਾਨਾ ਪ੍ਰਬੰਧਨ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਭਾਗੀਦਾਰਾਂ ਨੂੰ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਜਾਣਕਾਰੀ ਭਰਪੂਰ ਸਾਹਿਤ ਵੀ ਵੰਡਿਆ ਗਿਆ ਅਤੇ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਸੰਦੀਪ ਕੌਰ ਨੇ ਕੇ.ਵੀ.ਕੇ. ਦੀ ਟੀਮ ਵੱਲੋਂ ਕਰਵਾਏ ਗਏ ਇਸ ਜਾਣਕਾਰੀ ਭਰਪੂਰ ਅਤੇ ਪ੍ਰਭਾਵਸ਼ਾਲੀ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸਾਫ਼-ਸੁਥਰੇ ਅਤੇ ਹਰਿਆਵਲੇ ਪੰਜਾਬ ਦੀ ਸਿਰਜਣਾ ਲਈ ਵਾਤਾਵਰਣ ਪੱਖੀ ਖੇਤੀਬਾੜੀ ਤਰੀਕਿਆਂ ਦਾ ਸੁਨੇਹਾ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਕੀਤੀ।
ਇਸ ਪ੍ਰੋਗਰਾਮ ਵਿੱਚ ਸਾਰੇ ਵਿਦਿਆਰਥੀਆਂ ਨੇ ਸਮੂਹਿਕ ਤੌਰ ‘ਤੇ ਅਹਿਦ ਲਿਆ ਕਿ ਉਹ ਨਾ ਤਾਂ ਪਰਾਲੀ ਸਾੜਨਗੇ ਅਤੇ ਨਾ ਹੀ ਕਿਸੇ ਹੋਰ ਨੂੰ ਅਜਿਹਾ ਕਰਨ ਦੇਣਗੇ। ਇਸ ਦੇ ਨਾਲ ਹੀ ਉਹ ਆਪਣੇ-ਆਪਣੇ ਪਿੰਡਾਂ ਵਿੱਚ ‘ਪਰਾਲੀ ਨਾ ਸਾੜੋ, ਇਸ ਦਾ ਸੁਚੱਜਾ ਪ੍ਰਬੰਧਨ ਕਰੋ’ ਦਾ ਸੁਨੇਹਾ ਘਰ-ਘਰ ਪਹੁੰਚਾਉਣਗੇ।
ਇਹ ਜਾਗਰੂਕਤਾ ਪ੍ਰੋਗਰਾਮ ਨੌਜਵਾਨ ਪੀੜ੍ਹੀ ਨੂੰ ਵਾਤਾਵਰਣ ਸੰਭਾਲ ਦੇ ਕਾਰਜ ਨਾਲ ਜੋੜਨ ਅਤੇ ਫ਼ਸਲੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਲਈ ਸਮਾਜਿਕ ਚੇਤਨਾ ਪੈਦਾ ਕਰਨ ਵੱਲ ਇੱਕ ਮਹੱਤਵਪੂਰਨ ਉਪਰਾਲਾ ਸਾਬਤ ਹੋਇਆ।

















