
ਹੋਟਲ, ਢਾਬੇ, ਸਰਾਵਾਂ, ਰੈਸਟੋਰੈਂਟ ‘ਚ ਠਹਿਰਨ ਵਾਲੇ ਵਿਅਕਤੀਆਂ ਦੇ ਪੰਜ ਪਛਾਣ ਪੱਤਰ ਲੈਣ ਦੀ ਹਦਾਇਤ
ਰੂਪਨਗਰ, 24 ਫਰਵਰੀ: ਹੋਟਲ, ਢਾਬੇ, ਸਰਾਵਾਂ, ਰੈਸਟੋਰੈਟ ਵਿਚ ਠਹਿਰਨ ਵਾਲੇ ਵਿਅਕਤੀਆਂ ਦੀ ਸੂਚਨਾ ਨਾ ਰੱਖਣ ਦਾ ਨੋਟਿਸ ਲੈਂਦਿਆਂ, ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਹਿਮਾਂਸ਼ੂ ਜੈਨ ਵਲੋਂ ਸਬੰਧਤ ਅਦਾਰਿਆਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਹੁਣ ਹਰ ਵਿਅਕਤੀ ਤੋਂ ਪੰਜ ਪ੍ਰਕਾਰ ਦੇ ਪਛਾਣ ਪੱਤਰ ਹਾਸਲ ਕਰਨਗੇ ਅਤੇ ਇਸ ਰਿਕਾਰਡ ਸਬੰਧੀ ਇਕ ਰਜਿਸਟਰ ਲਗਾਉਣਗੇ ਤਾਂ ਜੋ ਜ਼ਿਲ੍ਹੇ ਵਿਚ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਸ਼੍ਰੀ ਹਿਮਾਂਸ਼ੂ ਜੈਨ ਨੇ ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਥਾਂਵਾਂ ਤੇ ਠਹਿਰਨ ਵਾਲੇ ਵਿਅਕਤੀਆਂ ਬਾਰੇ ਰਜਿਸਟਰ ਲਗਾਉਣਗੇ ਅਤੇ ਉਸ ਵਿਅਕਤੀ ਪਾਸੋਂ ਪੰਜ ਪ੍ਰਕਾਰ ਦੇ ਪਛਾਣ ਪੱਤਰ ਜਿਵੇਂ ਕਿ ਪਾਸਪੋਰਟ, ਡਰਾਇਵਿੰਗ ਲਾਇਸੰਸ, ਭਾਰਤ ਸਰਕਾਰ/ਰਾਜ ਸਰਕਾਰ/ਪੀਐਸ/ਪਬਲਿਕ ਲਿਮ. ਕੰਪਨੀਆਂ ਦੇ ਕਰਮਚਾਰੀਆਂ ਨੂੰ ਜਾਰੀ ਕੀਤਾ ਗਿਆ ਸਰਵਿਸ ਪਛਾਣ ਪੱਤਰ ਸਮੇਤ ਫੋਟੋਗ੍ਰਾਫ/ਬੈਂਕ/ਪੋਸਟ ਆਫਿਸ ਵਲੋਂ ਜਾਰੀ ਕੀਤੀ ਪਾਸਬੁੱਕ ਸਮੇਤ ਫੋਟੋਗ੍ਰਾਫ/ਪੈਨਕਾਰਡ, ਰਜਿਸਟਰ ਜਨਰਲ ਆਫ ਇੰਡੀਆ ਵਲੋਂ ਜਾਰੀ ਕੀਤਾ ਸਮਾਰਟ ਕਾਰਡ, ਮਗਨਰੇਗਾ ਸਕੀਮ ਤਹਿਤ ਜਾਰੀ ਜ਼ੋਬ ਕਾਰਡ, ਮਨਿਸਟਰੀ ਆਫ ਲੇਬਰ ਸਕੀਮ ਅਧੀਨ ਜਾਰੀ ਕੀਤਾ ਗਿਆ ਹੈਲਥ ਇੰਸੋਰੈਂਸ਼ ਸਮਾਰਟ ਕਾਰਡ, ਪੈਨਸ਼ਨ ਕਾਗਜਾਤ ਸਮੇਤ ਫੋਟੋਗ੍ਰਾਫ, ਐਮਪੀਜ਼/ਐਮਐਲਏ/ਐਮਐਲਸੀਜ਼ ਨੂੰ ਜਾਰੀ ਅਫਸਰ ਕਾਰਡ ਅਤੇ ਅਧਾਰ ਕਾਰਡ ਹੈ।
ਜਨਤਕ ਸਥਾਨਾਂ ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ‘ਤੇ ਪਾਬੰਦੀ
ਜ਼ਿਲ੍ਹਾ ਮੈਜਿਸਟਰੇਟ, ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਵਿਚ ਜਨਤਕ ਸਥਾਨਾਂ ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ, ਰੈਲੀਆਂ ਕੱਢਣ, ਧਰਨਾ ਲਗਾਉਣ ਆਦਿ *ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਇਹ ਹੁਕਮ ਪੈਰਾ ਮਿਲਟਰੀ ਫੋਰਸ, ਮਿਲਟਰੀ ਫੋਰਸ ਅਤੇ ਸਰਕਾਰੀ ਡਿਊਟੀ ਤੇ ਤਾਇਨਾਤ ਅਧਿਕਾਰੀ/ਕਰਮਚਾਰੀ, ਧਾਰਮਿਕ ਰਸਮਾਂ, ਸ਼ਾਦੀਆਂ ਜਾਂ ਨਿੱਜੀ ਸਮਾਗਮਾਂ ਅਤੇ ਮ੍ਰਿਤਕਾਂ ਦੇ ਸਸਕਾਰ ਕਰਨ ਸਬੰਧੀ ਹੋਣ ਵਾਲੇ ਇੱਕਠ *ਤੇ, ਉਨ੍ਹਾਂ ਜਲੂਸਾਂ/ਮੀਟਿੰਗਾਂ/ ਧਰਨਿਆਂ ਤੇ ਜਿਨ੍ਹਾਂ ਸਬੰਧੀ ਪ੍ਰਬੰਧਕਾਂ ਵਲੋਂ ਲਿਖਤੀ ਬੇਨਤੀ ਕਰਕੇ ਸਬੰਧਤ ਉਪ ਮੰਡਲ ਮੈਜਿਸਟਰੇਟ/ਯੋਗ ਪੁਲਿਸ ਅਧਿਕਾਰੀ ਪਾਸੋਂ ਲਿਖਤੀ ਪ੍ਰਵਾਨਗੀ ਲਈ ਗਈ ਹੋਵੇ ਉਨ੍ਹਾ ਤੇ ਨਹੀਂ ਲਾਗੂ ਹੋਣਗੇ।
ਨੰਬਰ ਪਲੇਟ ਬਣਾਉਣ ਵਾਲੇ ਤੇ ਨੰਬਰ ਲਿਖਦੇ ਸਮੇਂ ਰਜਿਸਟਰ ਮੇਨਟੇਨ ਕਰਨ ਦੀ ਹਦਾਇਤ
ਜ਼ਿਲ੍ਹੇ ਵਿਚ ਮਾੜੇ ਅਨਸਰ ਗੈਂਗਸਟਰ ਮੋਟਰ ਸਾਈਕਲਾਂ/ਸਕੂਟਰਾਂ/ਕਾਰਾਂ/ਵਹੀਕਲਾਂ ਤੇ ਜਾਲੀ ਨੰਬਰ ਲਗਾ ਕੇ ਲੁੱਟ-ਖੋਹ ਅਤੇ ਹੋਰ ਜੁਰਮ ਕਰਦੇ ਹਨ ਜਿਨ੍ਹਾਂ ਨੂੰ ਗ੍ਰਿਫਤਰ ਵਿਚ ਕਰਨਾ ਮੁਸ਼ਕਿਲ ਹੋ ਜਾਂਦਾ ਹੈ। ਇਸ ਮੁਸ਼ਕਿਲ ਨੂੰ ਮੁੱਖ ਰਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ, ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਰਜਿਸਟਰ ਮੈਨਟੇਨ ਕਰਨ ਤੋਂ ਬਿਨ੍ਹਾ ਨੰਬਰ ਪਲੇਟ ਅਤੇ ਨੰਬਰ ਲਿਖਣ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਗਏ ਹਨ। ਇਸ ਸਬੰਧੀ ਜ਼ਿਲ੍ਹੇ ਵਿਚ ਨੰਬਰ ਪਲੇਟ ਬਣਾਉਣ ਵਾਲੇ ਅਤੇ ਨੰਬਰ ਲਿਖਦੇ ਸਮੇਂ ਰਜਿਸਟਰ ਮੇਨਟੇਨ ਕਰਨ ਦੀ ਹਦਾਇਤ ਕੀਤੀ ਹੈ।
ਪਲਾਸਟਿਕ ਲਿਫਾਫਿਆਂ ਦੀ ਵਰਤੋਂ ਉਤੇ ਮੁਕੰਮਲ ਪਾਬੰਦੀ
ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਹਿਮਾਂਸੂ ਜੈਨ ਨੇ ਹੁਕਮ ਜਾਰੀ ਕਰਦਿਆਂ ਜਿਲ੍ਹੇ ਵਿਚ ਪਲਾਸਟਿਕ ਲਿਫਾਫਿਆਂ ਨੂੰ ਬਣਾਉਣ, ਵੰਡਣ, ਵੇਚਣ ਸਟੋਰ ਕਰਨ ਅਤੇ ਵਰਤੋਂ ਉਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਪਲਾਸਟਿਕ ਅਤੇ ਕੈਰੀ ਬੈਗਜ਼ (ਮੈਨੂਫੈਕਚਰਜ਼ ਯੂਜਿਸ ਅਤੇ ਡਿਸਪੋਜਲ) ਕੰਟਰੋਲ ਐਕਟ-2005 ਤਹਿਤ ਪਲਾਸਟਿਕ ਲਿਫਾਫਿਆਂ ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਦੁਕਾਨਦਾਰਾਂ ਅਤੇ ਢਾਬਿਆਂ, ਹੋਟਲਾਂ ਆਦਿ ਦੇ ਮਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾ ਕਰਨ ਅਤੇ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਵਿਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ।
ਜਿਲ੍ਹਾ ਰੂਪਨਗਰ ਵਿੱਚ ਸਮਾਂ ਸ਼ਾਮ 7.00 ਵਜੇ ਤੋ ਸਵੇਰੇ 6.00 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ਤੇ ਪੂਰਨ ਪਾਬੰਦੀ
ਜਿਲ੍ਹਾ ਮੈਜਿਸਟਰੇਟ, ਰੂਪਨਗਰ ਮੈ ਹਿਮਾਂਸ਼ੂ ਜੈਨ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਰੂਪਨਗਰ ਵਿੱਚ ਸਮਾਂ ਸ਼ਾਮ 7.00 ਵਜੇ ਤੋ ਸਵੇਰੇ 6.00 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ਤੇ ਪੂਰਨ ਪਾਬੰਦੀ ਲਗਾਉਂਦਾ ਹਾਂ ਅਤੇ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ. ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸੋ ਰਜਿਸਟਰਡ ਕਰਵਾਉਣ ਦੇ ਆਦੇਸ਼ ਦਿੰਦਾ ਹਾਂ।
ਜ਼ਿਲ੍ਹਾ ਮੈਜਿਸਟਰੇਟ, ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਦੱਸਿਆ ਕਿ ਭਾਰਤ ਦੇਸ਼ ਪ੍ਰੰਪਰਾਵਾਂ ਦਾ ਦੇਸ਼ ਹੈ, ਜਿੱਥੇ ਹਰੇਕ ਧਰਮ ਦਾ ਸਤਿਕਾਰ ਕੀਤਾ ਜਾਂਦਾ ਹੈ ਅਤੇ ਹਿੰਦੂ ਧਰਮ ਵਲੋ ਗਊ ਦੀ ਪੂਜਾ ਕੀਤੀ ਜਾਂਦੀ ਹੈ, ਜਿਨ੍ਹਾਂ ਨਾਲ ਅਤਿਆਚਾਰ ਹੋਣ ਤੇ ਸਮਾਜ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੋ ਸਕਦਾ ਹੈ। ਰਾਤ ਸਮੇਂ ਗਊ ਧੰਨ ਦੀ ਆਵਾਜਾਈ ਤੇ ਢੁਅ-ਢੁਆਈ ਤੋਂ ਤਸਕਰੀ ਤੇ ਚੋਰੀ ਦਾ ਸੰਦੇਹ ਪੈਦਾ ਹੁੰਦਾ ਹੈ, ਜਿਸ ਕਰਕੇ ਆਮ ਜਨਤਾ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ। ਇਨ੍ਹਾਂ ਹਾਲਤਾਂ ਨੂੰ ਮੱਦੇ ਨਜਰ ਰੱਖਦੇ ਹੋਏ, ਇਹ ਜਰੂਰੀ ਸਮਝਿਆ ਜਾਂਦਾ ਹੈ। ਕਿ ਸਮਾਂ ਸ਼ਾਮ 7.00 ਵਜੇ ਤੋ ਸਵੇਰੇ 6.00 ਵਜੇ ਤੱਕ ਗਊ ਵੰਸ਼ ਦੀ ਢੋਆ ਢੁਆਈ ਤੇ ਪੂਰਨ ਪਾਬੰਦੀ ਲਗਾਈ ਜਾਵੇ।
ਉਨ੍ਹਾ ਕਿਹਾਂ ਕਿ ਡਿਪਟੀ ਡਾਇਰੈਕਟਰ, ਪਸ਼ੂ ਪਾਲਣ, ਰੂਪਨਗਰ ਇਹ ਯਕੀਨੀ ਬਣਾਉਣਗੇ ਕਿ ਸ਼ਹਿਰਾਂ ਅਤੇ ਪਿੰਡਾਂ ਵਿੱਚ ਜਿਨ੍ਹਾਂ ਲੋਕ ਪਾਸੋ ਗਊ ਵੰਸ਼ ਨੂੰ ਰੱਖਿਆ ਹੋਇਆ ਹੈ, ਉਹ ਉਨ੍ਹਾਂ ਨੂੰ ਰਜਿਸਟਰਡ ਜਰੂਰ ਕਰਾਉਣ। ਜਿਨ੍ਹਾਂ ਲੋਕਾਂ ਪਾਸ ਗਊ ਵੰਸ ਰੱਖਿਆ ਹੋਇਆ ਹੈ, ਉਹ ਉਨ੍ਹਾਂ ਨੂੰ ਰਜਿਸਟਰਡ ਕਰਾਉਣ ਲਈ ਏਰੀਏ ਦੇ ਸਬੰਧਤ ਪਸ਼ੂ ਪਾਲਣ ਅਫਸਰ ਪਾਸ ਗਊ ਵੰਸ਼ ਦੀ ਰਜਿਸਟਰੇਸ਼ਨ ਕਰਾਉਣ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਗਊ ਵੰਸ਼ ਨੂੰ ਲੈ ਕ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ਅਤੇ ਗਊ ਵੰਸ਼ ਦੀ ਸੁਰੱਖਿਆ ਸਬੰਧੀ ਉਪਰਾਲੇ ਕੀਤੇ ਜਾ ਸਕਣ ।
ਮਿਲਟਰੀ ਰੰਗ ਦੀਆਂ ਜੀਪਾਂ/ਮੋਟਰ ਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਅਤੇ ਕਰਨ ਉਤੇ ਪਾਬੰਦੀ
ਜ਼ਿਲ੍ਹਾ ਮੈਜਿਸਟਰੇਟ, ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਜ਼ਿਲਾ ਰੂਪਨਗਰ ਦੇ ਅੰਦਰ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ ਮੋਟਰ ਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਨਹੀਂ ਕਰੇਗਾ।
ਉਨ੍ਹਾਂ ਦੱਸਿਆ ਕਿ ਕਿਸੇ ਵੀ ਸਮਾਗਮੀ ਤੱਤਾਂ ਵਲੋਂ ਮਿਲਟਰੀ ਵਰਦੀ ਅਤੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਅਜਿਹੇ ਰੰਗ ਦੀ ਵਰਤੋਂ ਕਰਕੇ ਹਿੰਸਕ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ ਜਿਸ ਕਰਕੇ ਆਮ ਜਨਤਾ ਨੂੰ ਇਨ੍ਹਾਂ ਰੰਗ ਦੀ ਵਰਤੋਂ ਨਾ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਹੁਕਮ ਮਿਲਟਰੀ ਅਧਿਕਾਰੀਆਂ ਤੇ ਲਾਗੂ ਨਹੀਂ ਹੋਵੇਗਾ।
ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਦੀ ਵਰਦੀ ਅਣ-ਅਧਿਕਾਰਤ ਵਿਅਕਤੀ ਨੂੰ ਵੇਚਣ ਅਤੇ ਖਰੀਦ ਕਰਨ ਤੇ ਪਾਬੰਦੀ
ਜ਼ਿਲ੍ਹਾ ਮੈਜਿਸਟਰੇਟ, ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਜ਼ਿਲ੍ਹਾ ਰੂਪਨਗਰ ਦੀ ਹਦੂਦ ਦੇ ਅੰਦਰ ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਦੀ ਵਰਦੀ ਦੀ ਵਰਤੋਂ ਅਣ-ਅਧਿਕਾਰਤ (ਬਾਲਗ ਵਿਅਕਤੀ) ਵਲੋਂ ਨਹੀਂ ਕਰੇਗਾ ਅਤੇ ਇਨ੍ਹਾਂ ਵਰਦੀਆਂ ਨੂੰ ਅਣ-ਅਧਿਕਾਰਤ ਵਿਅਕਤੀ ਨੂੰ ਵੇਚਣ ਅਤੇ ਖਰੀਦ ਕਰਨ ਤੇ ਵੀ ਪਾਬੰਦੀ ਲਗਾਉਂਣ ਦੇ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਵਰਦੀਆਂ ਦੀ ਵਰਤੋਂ ਕਰਕੇ ਕੋਈ ਵੀ ਸਮਾਜ ਵਿਰੋਧਿਤ ਤੱਤ ਹਿੰਸਕ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ ਜਿਸ ਕਰਕੇ ਆਮ ਜਨਤਾ ਨੂੰ ਇਨ੍ਹਾਂ ਰੰਗ ਦੀ ਵਰਤੋਂ ਨਾ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਅਧਿਕਾਰੀਆਂ ਤੇ ਲਾਗੂ ਨਹੀਂ ਹੋਵੇਗਾ।
ਮੈਰਿਜ ਪੈਲਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਦੀ ਪਾਬੰਦੀ
ਜ਼ਿਲ੍ਹਾ ਮੈਜਿਸਟਰੇਟ, ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਚੱਲ ਰਹੇ ਮੈਰਿਜ ਪੈਲਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ਤੇ ਪੂਰਨ ਪਾਬੰਦੀ ਲਗਾਉਂਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਅਕਸਰ ਇਹ ਦੇਖਣ ਵਿਚ ਆਇਆ ਹੈ ਕਿ ਪੈਲਸਾਂ ਵਿਚ ਹੁੰਦੇ ਸਮਾਰੋਹ ਦੌਰਾਨ ਲੋਕ ਆਪਣੇ ਨਾਲ ਹਥਿਆਰ ਲੈ ਕੇ ਆਉਂਦੇ ਹਨ ਅਤੇ ਹਵਾਈ ਫਾਇਰ ਕਰਨਾ ਇਕ ਫੈਸ਼ਨ ਬਣ ਗਿਆ ਹੈ, ਜਿਸ ਨਾਲ ਕਈ ਵਾਰ ਅਣਸੁਖਾਵੀਂ ਘਟਨਾ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਉਨ੍ਹਾ ਕਿਹਾ ਕਿ ਇਨ੍ਹਾਂ ਹਾਲਾਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਪੇਲੈਸਾਂ ਵਿਚ ਹਥਿਆਰ ਲੈ ਕੇ ਆਉਣ ਤੇ ਪਾਬੰਦੀ ਲਗਾਈ ਗਈ ਹੈ।
ਹੋਟਲ, ਢਾਬੇ, ਸਰਾਵਾਂ, ਮਕਾਨ ਮਾਲਕਾਂ, ਖੇਤੀਬਾੜੀ ਫਾਰਮਾਂ, ਕਾਰਖਾਨੇਦਾਰਾਂ, ਰੈਸਟੋਰੈਟ ਵਿਚ ਠਹਿਰਨ ਵਾਲੇ ਵਿਅਕਤੀਆਂ ਦੀ ਸੂਚਨਾ ਨਜਦੀਕੀ ਚੌਂਕੀ ਜਾਂ ਥਾਣੇ ਜਮਾਂ ਕਰਨੀ ਯਕੀਨੀ ਬਣਾਈ ਜਾਵੇ
ਹੋਟਲ, ਢਾਬੇ, ਸਰਾਵਾਂ, ਮਕਾਨ ਮਾਲਕਾਂ, ਖੇਤੀਬਾੜੀ ਫਾਰਮਾਂ, ਕਾਰਖਾਨੇਦਾਰਾਂ, ਰੈਸਟੋਰੈਟ ਵਿਚ ਠਹਿਰਨ ਵਾਲੇ ਵਿਅਕਤੀਆਂ ਦੀ ਸੂਚਨਾ ਨਾ ਰੱਖਣ ਦਾ ਨੋਟਿਸ ਲੈਂਦਿਆਂ, ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਹਿਮਾਂਸ਼ੂ ਜੈਨ ਵਲੋਂ ਸਬੰਧਤ ਅਦਾਰਿਆਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਕੋਈ ਵੀ ਮਾਕਨ ਮਾਲਕ ਵਲੋਂ ਕੋਈ ਵੀ ਨਵਾਂ ਕਿਰਾਏਦਾਰ ਜਾਂ ਕਿਸੇ ਉਦਯੋਗਿਕ, ਸਨਅਤੀ ਅਦਾਰੇ ਜਾਂ ਖੇਤੀਬਾੜੀ ਨਾਲ ਸਬੰਧਤ ਕੰਮ ਲਈ ਕੋਈ ਅਜਨਬੀ ਵਿਅਕਤੀ ਨੂੰ ਪੱਕੇ ਜਾਂ ਕੱਚੇ ਤੌਰ ਉਤੇ ਰੱਖਿਆਂ ਜਾਂਦਾ ਹੈ ਤਾਂ ਉਸਦੀ ਪੂਰੀ ਅਤੇ ਸਹੀ ਸੂਚਨਾ ਜਿਸ ਵਿਚ ਵਿਅਕਤੀ ਦਾ ਨਾਮ, ਪਤਾ ਫੋਟੋ ਆਦਿ ਹੋਵੇ ਆਪਣੇ ਨਜਦੀਕੀ ਥਾਣੇ ਚੌਂਕੀ ਵਿਚ ਤੁਰੰਤ ਜਮਾਂ ਕਰਵਾਈ ਜਾਵੇ ਤਾਂ ਜੋ ਜ਼ਿਲ੍ਹੇ ਵਿਚ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।
ਉਨ੍ਹਾਂ ਕਿਹਾ ਕਿ ਬਾਹਰਲੇ ਰਾਜਾਂ ਤੋਂ ਆ ਕੇ ਬਹੁਤ ਜਿਆਦਾ ਗਿਣਤੀ ਵਿਚ ਪ੍ਰਵਾਸੀ ਮਜਦੂਰ ਕੰਮ ਕਰ ਰਹੇ ਹਨ। ਇਹ ਪ੍ਰਵਾਸੀ ਮਜਦੂਰ ਆਪਣੇ ਪਰਿਵਾਰਾਂ ਸਮੇਤ ਪੰਜਾਬ ਦੇ ਹਰੇਕ ਪਿੰਡ ਵਿਚ ਰਹ ਰਹੇ ਹਨ। ਇਹ ਮਜਦੂਰ ਪਿੰਡਾਂ ਵਿਚ ਖੇਤਾਂ ਵਿਚ ਕੰਮ ਕਰਦੇ ਹਨ ਅਤੇ ਕਿਸਾਨਾਂ ਪਾਸ ਰਹਿੰਦੇ ਹਨ ਅਤੇ ਇਸ ਤਰ੍ਹਾਂ ਸਹਿਰ ਵਿਚ ਵੀ ਕਈ ਤਰਾਂ ਦੇ ਕੰਮ ਕਰਦੇ ਹਨ। ਸ਼ਹਿਰਾਂ ਵਿਚ ਕਿਰਾਏ ਤੇ ਜਾਂ ਆਪਣੀਆਂ ਝੁੱਗੀਆਂ ਬਣਾ ਕੇ ਰਹਿੰਦੇ ਹਨ। ਅਜਿਹੇ ਪ੍ਰਵਾਸੀ ਮਜਦੂਰਾਂ ਦੇ ਨਾਲ ਨਾਲ ਕਈ ਕਰਾਇਮ ਪੇਸ਼ਾਂ ਲੋਕ ਵੀ ਮਜਦੂਰਾਂ ਦੇ ਰੂਪ ਵਿਚ ਆ ਜਾਂਦੇ ਹਨ ਜੋ ਕਰਾਇਮ ਕਰਕੇ ਵਾਪਸ ਆਪਣੇ ਰਾਜ ਨੂੰ ਚਲੇ ਜਾਂਦੇ ਹਨ ਇਹ ਲੋਕ ਅਪਰਾਧਿਕ ਕਾਰਨਾਮਿਆਂ ਨੂੰ ਅੰਜਾਮ ਦੇ ਕੇ ਫਿਰ ਅਲੋਪ ਹੋ ਜਾਂਦੇ ਹਨ ਇਨ੍ਹਾਂ ਕਾਰਨਾਮਿਆਂ ਨੂੰ ਰੋਕਣ ਲਈ ਇਨ੍ਹਾਂ ਦੀ ਜਾਣਕਾਰੀ ਜਮਾਂ ਕਰਵਾਉਣੀ ਯਕੀਨੀ ਬਣਾਈ ਜਾਵੇ।
ਹੁੱਕਾਂ ਬਾਰਾ ਦੇ ਸੰਚਾਲਨ ‘ਤੇ ਪੂਰਨ ਪਾਬੰਦੀ
ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਤਹਿਤ ਸੂਬੇ ਵਿਚ ਕਿਸੇ ਵੀ ਕਿਸਮ ਦੇ ਹੁਕਾਂ ਬਾਰਾ ‘ਤੇ ਪਾਬੰਦੀ ਲਗਾਈ ਹੈ।
ਇਸ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਹਿਮਾਂਸ਼ੂ ਜੈਨ ਨੇ ਜ਼ਿਲ੍ਹਾ ਰੂਪਨਗਰ ਵਿਚ ਹੁੱਕਾਂ ਬਾਰਾਂ ਦੇ ਸੰਚਾਲਨ ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਤੰਬਾਕੂ ਦੀ ਵਰਤੋਂ ਸਿਹਤ ਲਈ ਹਾਨੀਕਾਰਕ ਹੁੰਦੀ ਹੈ ਅਤੇ ਇਸ ਗੱਲ ਦਾ ਅਕਸਰ ਖਤਰਾ ਹੁੰਦਾ ਹੈ ਕਿ ਬਾਲਕ ਜਾਂ ਫਿਰ ਛੋਟੀ ਉਮਰ ਦੇ ਬੱਚਿਆਂ ਨੂੰ ਇਨ੍ਹਾਂ ਹੁੱਕਾਂ ਬਾਰਾਂ ਵਿਚ ਤੰਬਾਕੂ ਦੇ ਨਾਲ ਨਸ਼ਿਆਂ ਵਾਲੇ ਹਾਨੀਕਾਰਕ ਰਸਾਇਣ ਦਿੱਤੇ ਜਾ ਸਕਦੇ ਹਨ। ਜਿਸ ਲਈ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕੋਟਪਾ ਐਕਟ ਤਹਿਤ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਸਿਵਲ ਸਰਜਨ ਰੂਪਨਗਰ ਨੂੰ ਹਦਾਇਤ ਜਾਰੀ ਕੀਤੀ ਗਈ ਹੈ ਕਿ ਜੇਕਰ ਕੋਈ ਰੈਸਟੋਰੈਂਟ, ਹੋਟਲ ਅਤੇ ਪੇਲੈਸ ਆਦਿ ਵਿਖੇ ਹੁੱਕੇ ਦੀ ਵਰਤੋਂ ਕੀਤੀ ਜਾਂਦੀ ਹੈ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹੁੱਕੇ ਦੀ ਵਰਤੋਂ ਨੂੰ ਰੋਕਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੀ ਬਣਾਈ ਗਈਆਂ ਹਨ ਜਿਹੜੀਆਂ ਇਨ੍ਹਾਂ ਹੋਟਲਾਂ, ਪੇਲੈਸਾਂ ਆਦਿ ਦੀ ਅਚਨਚੇਤ ਚੈਕਿੰਗ ਕਰੇਗੀ।
ਨਕਲੀ ਅਤੇ ਅਣ-ਅਧਿਕਾਰਤ ਸੀਮਨ ਦੀ ਵਿਕਰੀ ‘ਤੇ ਪਾਬੰਦੀ
ਪੰਜਾਬ ਸਰਕਾਰ ਵੱਲੋਂ ਰਾਜ ਵਿਚ ਵੱਖ-ਵੱਖ ਥਾਵਾਂ ਤੇ ਨਕਲੀ ਅਤੇ ਅਣ-ਅਧਿਕਾਰਤ ਸੀਮਨ ਦੀ ਵਿਕਰੀ ਬਾਰੇ ਅਤੇ ਵਿਭਾਗ ਦੀ ਬਰੀਡਿੰਗ ਪਾਲਿਸੀ ਤਹਿਤ ਅਣ-ਅਧਿਕਾਰਤ ਸੀਮਨ ਵਿਕਣ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਰਹਿੰਦਾ ਹੈ ਪ੍ਰੰਤੂ ਇਸ ਦੇ ਬਾਵਜੂਦ ਵਿਭਾਗ ਨੂੰ ਵੇਖਣ ਵਿੱਚ ਆਇਆ ਹੈ ਕਿ ਅਣ-ਅਧਿਕਾਰਤ ਸੀਮਨ ਨੂੰ ਰੱਖਿਆ/ਵੇਚਿਆ ਜਾ ਰਿਹਾ ਹੈ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜੀਸਟ੍ਰੇਟ ਸ਼੍ਰੀ ਹਿਮਾਂਸ਼ੂ ਜੈਨ ਨੇ ਜ਼ਿਲ੍ਹਾ ਰੂਪਨਗਰ ਅੰਦਰ ਅਣ-ਅਧਿਕਾਰਿਤ ਤੌਰ ਉੱਤੇ ਸੀਮਨ ਦਾ ਭੰਡਾਰ ਕਰਨ/ਟ੍ਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ਤੇ ਪੂਰਨ ਪਾਬੰਦੀ ਲਗਾਈ ਹੈ।
ਉਨ੍ਹਾਂ ਦੱਸਿਆ ਕਿ ਇਸ ਪ੍ਰਕਾਰ ਅਣ-ਅਧਿਕਾਰਤ ਤੌਰ ਤੇ ਵੇਚੇ/ਖਰੀਦੇ ਜਾ ਰਹੇ ਸੀਮਨ ਦੀ ਵਰਤੋਂ ਕਰਨਾ ਰਾਜ ਦੀ ਬਰੀਡਿੰਗ ਪਾਲਿਸੀ ਅਨੁਸਾਰ ਉਚਿੱਤ ਨਹੀਂ ਹੈ ਕਿਉਂਕਿ ਅਜਿਹਾ ਕਰਨ ਨਾਲ ਰਾਜ ਦੇ ਪਸ਼ੂ ਧਨ ਦੀ ਨਸਲ ਖਰਾਬ ਹੋਣ ਦਾ ਖਦਸ਼ਾ ਹੈ, ਕਿਉਂਕਿ ਅਜਿਹੇ ਸੀਮਨ ਦੀ ਪੈਡਿਗਰੀ ਬਾਰੇ ਕੁਝ ਪਤਾ ਨਹੀਂ ਹੁੰਦਾ। ਇਸ ਤੋਂ ਇਲਾਵਾ ਪਸ਼ੂ ਧਨ ਦੀ ਪ੍ਰੋਡਕਟੀਵਿਟੀ ਤੇ ਵੀ ਮਾੜਾ ਅਸਰ ਪੈ ਸਕਦਾ ਹੈ ਅਤੇ ਇਸ ਅਸਰ ਦਾ ਤੁਰੰਤ ਪਤਾ ਨਹੀਂ ਲੱਗ ਸਕਦਾ ਬਲਕਿ ਆਉਣ ਵਾਲੇ ਸਮੇਂ ਵਿਚ ਇਸਦਾ ਅਸਰ ਦਿਖੇਗਾ, ਅਜਿਹਾ ਹੋਣ ਦੀ ਸੂਰਤ ਵਿਚ ਵਿਭਾਗ ਦੁਆਰਾ ਪਿਛਲੇ ਲੰਬੇ ਸਮੇਂ ਤੋਂ ਪਸ਼ੂਆਂ ਦੀ ਨਸਲ ਸੁਧਾਰ (ਬਰੀਡਿੰਗ ਇੰਮਪਰੂਵਮੈਂਟ) ਲਈ ਕੀਤੇ ਜਾਣ ਵਾਲੇ ਸਮੁੱਚੇ ਉਪਰਾਲੇ ਬੇਕਾਰ ਹੋ ਜਾਣਗੇ ਕਿਉਂਕਿ ਵਿਭਾਗ ਦੁਆਰਾ ਭਾਰਤ ਸਰਕਾਰ ਦੇ ਮਾਪਦੰਡਾਂ ਅਤੇ ਰਾਜ ਵਿਚ ਬਰੀਡਿੰਗ ਪਾਲਿਸੀ ਅਨੁਸਾਰ ਹੀ ਆਪਣੇ ਲਾਈਵਸਟਾਕ ਫਾਰਮਜ਼ ਤੇ ਉੱਤਮ ਨਸਲ ਦੇ ਬੁੱਲਜ ਤੋਂ ਤਿਆਰ ਕੀਤਾ ਗਿਆ ਸੀਮਨ ਸਮਨੂਈ ਗਰਭਦਾਨ (ਆਰਟੀਫਿਸ਼ਲ ਇੰਨੀਸਿਮੀਨੇਸ਼ਨ) ਲਈ ਵਰਤਿਆ ਜਾਂਦਾ ਹੈ ਅਤੇ ਇਸੇ ਅਨੁਸਾਰ ਹੀ ਸੀਮਨ ਇੰਪੋਰਟ ਕੀਤਾ ਜਾਂਦਾ ਹੈ। ਇਸ ਤਰ੍ਹਾ ਅਣ-ਅਧਿਕਾਰਤ ਸੀਮਨ ਵੇਚਣਾ ਇਕ ਅਤਿ ਗੰਭੀਰ ਮਾਮਲਾ ਹੈ, ਜਿਸ ਦਾ ਫੌਰੀ ਹੱਲ ਕਰਨਾ ਬਹੁਤ ਲਾਜ਼ਮੀ ਹੈ। ਜਿਸ ਕਰਕੇ ਇਹ ਪਾਬੰਦੀ ਲਗਾਈ ਗਈ ਹੈ।
ਡਰੌਨਜ਼, ਪੈਰਾ ਗਲਾਈਡਰਜ਼, ਪੈਰਾਮੀਟਰਜ਼, ਪਾਵਰਡ-ਹੈਂਗ ਗਲਾਈਡਰਜ਼, ਮਾਈਕਰੋ ਲਾਈਟ ਏਅਰ ਕਰਾਫਟ ਅਤੇ ਏਅਰ ਬੈਲੂਨਜ਼ ਤੇ ਪਾਬੰਦੀ
ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਜ਼ਿਲ੍ਹਾ ਮੈਜੀਸਟ੍ਰੇਟ ਸ਼੍ਰੀ ਹਿਮਾਂਸ਼ੂ ਜੈਨ ਨੇ ਸੀਨੀਅਰ ਪੁਲਿਸ ਕਪਤਾਨ, ਰੂਪਨਗਰ/ਉਪ ਮੰਡਲ ਮੈਜਿਸਟਰੇਟ, ਨੰਗਲ ਤੋਂ ਪ੍ਰਾਪਤ ਕੀਤੀ ਗਈ ਰਿਪੋਰਟ ਅਨੁਸਾਰ ਨੈਸ਼ਨਲ ਫਰਟੀਲਾਈਜ਼ਰ ਲਿਮਟਿਡ, ਨਿਆਂ ਨੰਗਲ ਦੀ ਸੁਰੱਖਿਆ ਦੇ ਮੱਦੇਨਜ਼ਰ ਨੈਸ਼ਨਲ ਫਰਟੀਲਾਈਜ਼ਰ ਲਿਮਟਿਡ, ਨਿਆਂ ਨੰਗਲ ਦੇ ਏਰੀਏ ਨੂੰ ‘ਨੌ ਡਰੌਨ ਜ਼ੋਨ’ ਘੋਸਿ਼ਤ ਕੀਤਾ ਗਿਆ ਹੈ।
ਇਸ ਇਲਾਕੇ ਵਿੱਚ ਡਰੌਨਜ਼, ਪੈਰਾ ਗਲਾਈਡਰਜ਼, ਪੈਰਾਮੀਟਰਜ਼, ਪਾਵਰਡ-ਹੈਂਗ ਗਲਾਈਡਰਜ਼, ਮਾਈਕਰੋ ਲਾਈਟ ਏਅਰ ਕਰਾਫਟ ਅਤੇ ਏਅਰ ਬੈਲੂਨਜ਼ ਆਦਿ ਸਮੇਤ ਡਰੌਨਜ਼ ਕੈਮਰਾ ਚਲਾਉਣ/ਉਡਾਉਣ ਉੱਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।
ਜ਼ਿਲ੍ਹਾ ਜੇਲ੍ਹ ਰੂਪਨਗਰ ਦੀ ਹਦੂਦ ਤੋਂ 500 ਮੀਟਰ ਤੱਕ ਦੇ ਏਰੀਏ ਵਿੱਚ ਡਰੋਨ ਦੀ ਵਰਤੋਂ ਉਤੇ ਪਾਬੰਦੀ
ਡਾਇਰੈਕਟਰ ਜਨਰਲ ਆਫ ਪੁਲਿਸ, ਪੰਜਾਬ ਚੰਡੀਗੜ੍ਹ ਦੇ ਹੁਕਮਾਂ ਅਨੁਸਾਰ ਪੰਜਾਬ ਰਾਜ ਵਿੱਚ ਆਮ ਵੇਖਣ ਵਿੱਚ ਆਇਆ ਹੈ ਕਿ ਡਰੋਨਾਂ ਦੀ ਵਧਦੀ ਪ੍ਰਸਿੱਧਤਾ ਅਤੇ ਅਸਾਨੀ ਨਾਲ ਮਿਲਣ ਕਾਰਣ ਜੇਲ੍ਹ ਵਿੱਚ ਸੁਰੱਖਿਆ ਪ੍ਰਬੰਧਾਂ ਦੀਆਂ ਉਲੰਘਣਾ ਦੀ ਸੰਭਾਵਨਾਂ ਵੱਧ ਜਾਣ ਦਾ ਖਦਸ਼ਾ ਹੈ। ਇਸ ਲਈ ਜਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਤਹਿਤ ਜ਼ਿਲ੍ਹਾ ਜੇਲ੍ਹ ਰੂਪਨਗਰ ਦੀ ਹਦੂਦ ਤੋਂ 500 ਮੀਟਰ ਤੱਕ ਦੇ ਏਰੀਏ ਵਿੱਚ ਡਰੋਨ ਦੀ ਵਰਤੋਂ ਉਤੇ ਪਾਬੰਦੀ ਲਗਾਈ ਹੈ।
ਉਨ੍ਹਾਂ ਕਿਹਾ ਕਿ ਜੇਲ੍ਹ ਦੇ ਨੇੜੇ ਡਰੋਨ ਦੀ ਸੰਭਾਵੀ ਦੁਰਵਰਤੋਂ ਜਿਵੇਂ ਕਿ ਨਸ਼ੀਲੇ ਪਦਾਰਥਾਂ, ਮੋਬਾਇਲ, ਹਥਿਆਰ ਆਦਿ ਦੀ ਤਸਕਰੀ ਲਈ ਅਤੇ ਕਿਸੇ ਵੀ ਕੈਦੀ ਨੂੰ ਜੇਲ੍ਹਾਂ ਤੋਂ ਭਜਾਉਣ ਅਤੇ ਅੱਤਵਾਦ ਹਮਲੇ ਦੀ ਸੰਭਾਵਨਾਂ ਦੇ ਤੌਰ ਤੇ ਜੇਲ੍ਹਾਂ ਦੀ ਰੈਕੀ ਕਰਨ ਦੀ ਕੋਸ਼ਿਸ਼ ਨੂੰ ਨਜ਼ਰ ਅੰਦਾਜ ਨਹੀਂ ਕੀਤਾ ਜਾ ਸਕਦਾ। ਜਿਸ ਕਾਰਨ ਪੰਜਾਬ ਰਾਜ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੋ ਸਕਦਾ ਹੈ। ਇਸ ਲਈ ਜਿਲ੍ਹਾ ਰੂਪਨਗਰ ਵਿਖੇ ਜੇਲ੍ਹ ਦੀ ਸੁਰੱਖਿਆ ਨੂੰ ਮੱਦੇ ਨਜ਼ਰ ਰੱਖਦੇ ਹੋਏ ਜਿਲ੍ਹਾ ਜੇਲ੍ਹ ਰੂਪਨਗਰ ਦੀ ਹਦੂਦ ਤੋਂ 500 ਮੀਟਰ ਤੱਕ ਦੇ ਏਰੀਏ ਨੂੰ ਨੌ ਡਰੋਨ ਜ਼ੋਨ ਏਰੀਆ ਘੋਸ਼ਿਤ ਕਰਨਾ ਜਰੂਰੀ ਸਮਝਿਆ ਜਾਂਦਾ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਹਥਿਆਰਾਂ ਦੀ ਪ੍ਰਦਰਸ਼ਨੀ, ਹਿੰਸਾ ਦਾ ਪ੍ਰਚਾਰ ਕਰਨ ਵਾਲੇ ਗੀਤਾਂ ਤੇ ਨਫਰਤੀ ਭਾਸ਼ਣਾਂ ‘ਤੇ ਪਾਬੰਦੀ
ਜ਼ਿਲ੍ਹੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਾਸਤੇ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਜ਼ਿਲ੍ਹਾ ਰੂਪਨਗਰ ਅੰਦਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨੀ ‘ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਇਹ ਪਾਬੰਦੀ ਸੋਸ਼ਲ ਮੀਡੀਆ ‘ਤੇ ਵੀ ਲਾਗੂ ਰਹੇਗੀ।
ਇਸ ਤੋਂ ਇਲਾਵਾ ਵਿੱਦਿਅਕ ਸੰਸਥਾਵਾਂ ਵਿਆਹ ਸ਼ਾਦੀਆਂ/ਸਮਾਗਮਾਂ ਹੋਰ ਸਮਾਰੋਹਾਂ ਵਿੱਚ ਹਥਿਆਰਾਂ ਜਾਂ ਹੋਰ ਤੇਜ਼ਧਾਰ ਹਥਿਆਰ ਲੈਕੇ ਜਾਣ ਉਤੇ ਵੀ ਪੂਰਨ ਪਾਬੰਦੀ ਲਗਾਈ ਗਈ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜੇਕਰ ਜ਼ਿਲ੍ਹੇ ਅੰਦਰ ਕੋਈ ਵੀ ਆਮ ਅਤੇ ਖਾਸ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸਦੇ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇਗੀ।
ਇਸੇ ਤਰ੍ਹਾਂ ਹੀ ਸ਼੍ਰੀ ਹਿਮਾਂਸ਼ੂ ਜੈਨ ਨੇ ਜ਼ਿਲਾ ਰੂਪਨਗਰ ਦੀ ਸੀਮਾ ਵਿਚ ਸਮਾਗਮਾਂ/ਪ੍ਰੋਗਰਾਮਾਂ ਵਿਖੇ ਹਥਿਆਰਾਂ, ਨਸ਼ਿਆਂ ਤੇ ਸ਼ਰਾਬ ਆਦਿ ਪ੍ਰਤੀ ਉਤਸ਼ਾਹਿਤ ਕਰਨ ਵਾਲੇ ਗੀਤਾਂ ਨੂੰ ਲਗਾਇਆ ਨਹੀਂ ਜਾਵੇਗਾ ਅਤੇ ਨਾ ਹੀ ਗਾਇਆ ਜਾਵੇਗਾ।
ਉਨਾਂ ਕਿਹਾ ਕਿ ਇਨਾਂ ਗੀਤਾਂ ਨੂੰ ਸੁਣਕੇ ਸਮਾਜ ’ਤੇ ਭੈੜਾ ਅਸਰ ਪੈਂਦਾ ਹੈ, ਜਿਸ ਲਈ ਇਨਾਂ ਗੀਤਾਂ ਦੀ ਰੋਕਥਾਮ ਕਰਨੀ ਅਤਿ ਜ਼ਰੂਰੀ ਹੈ। ਇਸ ਦੇ ਨਾਲ ਹੀ ਉਨ੍ਹਾਂ ਵਲੋਂ ਭੜਕਾਊ ਭਾਸ਼ਣ ਉਤੇ ਵੀ ਪਾਬੰਦੀ ਲਗਾਈ ਗਈ ਹੈ।
ਡਿਪਟੀ ਕਮਿਸ਼ਨਰ ਵਲੋਂ ਚਾਈਨਾ ਡੋਰ ਵੇਚਣ, ਰੱਖਣ ਜਾਂ ਵਰਤੋਂ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਦੇ ਹੁਕਮ
ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਚਾਈਨਾ ਡੋਰ ਦੀ ਖਰੀਦ-ਵੇਚ, ਰੱਖਣ (ਸਟੋਰ ਕਰਨਾ) ਜਾਂ ਪਤੰਗਬਾਜ਼ੀ ਲਈ ਵਰਤੋਂ ‘ਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਤਹਿਤ ਪੂਰਨ ਪਾਬੰਦੀ ਲਗਾਈ ਗਈ ਹੈ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਨੇ ਸਮੂਹ ਸਬ-ਡਵੀਜ਼ਨਲ ਮੈਜਿਸਟ੍ਰੇਟਾਂ ਨੂੰ ਗੈਰ ਕਾਨੂੰਨੀ ਚਾਈਨਾ ਡੋਰ ਦੀ ਪਕੜ ਲਈ ਛਾਪੇਮਾਰੀ ਕਰਨ ਦੀ ਹਦਾਇਤ ਜਾਰੀ ਕੀਤੀ ਹੈ।
ਸ਼੍ਰੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਜ਼ਿਲ੍ਹਾ ਰੂਪਨਗਰ ਵਿੱਚ ਪਤੰਗਬਾਜ਼ੀ ਕਾਫੀ ਮਾਤਰਾ ਵਿੱਚ ਕੀਤੀ ਜਾਂਦੀ ਹੈ ਅਤੇ ਇਹ ਸਾਰੀ ਪਤੰਗਬਾਜ਼ੀ ਸੰਥੈਟਿਕ ਅਤੇ ਪਲਾਸਟਿਕ ਤੋਂ ਬਣੀ ਚਾਈਨਾ ਡੋਰ ਦੀ ਵਰਤੋਂ ਨਾਲ ਕੀਤੀ ਜਾਂਦੀ ਹੈ ਜੋ ਕਿ ਕਾਫੀ ਮਜ਼ਬੂਤ ਅਤੇ ਤੇਜ਼ਧਾਰ ਹੁੰਦੀ ਹੈ ਜਿਸ ਨਾਲ ਪਤੰਗ ਉਡਾਉਣ ਵਾਲਿਆਂ ਦੇ ਹੱਥ, ਉਗਲਾਂ ਅਤੇ ਕੰਨ ਕੱਟੇ ਜਾਣ ਦੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਕਿਸੇ ਵੀ ਅਧਿਕਾਰੀ ਦੇ ਅਧਿਕਾਰ ਖੇਤਰ ਵਿੱਚ ਚਾਈਨਾ ਡੋਰ ਦੀ ਵਰਤੋਂ ਖਰੀਦ-ਵੇਚ, ਰੱਖਣ (ਸਟੋਰ ਕਰਨਾ) ਪਾਈ ਜਾਂਦੀ ਹੈ ਤਾਂ ਡਿਊਟੀ ਦੀ ਅਣਗਹਿਲੀ ਕਰਨ ਵਾਲੇ ਅਧਿਕਾਰੀ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਸ ਡੋਰ ਦੇ ਨਾਲ ਸੜਕ ਹਾਦਸੇ ਹੋਣ ਦਾ ਡਰ ਵੀ ਬਣਿਆ ਰਹਿੰਦਾ ਹੈ। ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਬਹੁਤ ਘਾਤਕ ਸਿੱਧ ਹੋ ਰਹੀਂ ਹੈ। ਇਸ ਡੋਰ ਵਿੱਚ ਫਸੇ ਹੋਏ ਪੰਛੀਆਂ ਦੀਆਂ ਮੌਤਾਂ ਵੀ ਆਮ ਦੇਖਣ ਨੂੰ ਮਿਲ ਜਾਂਦੀਆਂ ਹਨ। ਜੋ ਕਿ ਇੱਕ ਦੁਖਦ ਘਟਨਾ ਹੈ ਅਤੇ ਨਾਲ ਹੀ ਉਨ੍ਹਾਂ ਦੇ ਰੁੱਖਾਂ ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਨ ਵੀ ਦੂਸ਼ਿਤ ਹੁੰਦਾ ਹੈ।
ਨੂਰਪੁਰਬੇਦੀ ਤੋਂ ਬੂੰਗਾ ਸਾਹਿਬ ਰੋਡ ਵਿਖੇ ਆਉਣ-ਜਾਣ ਵਾਲੇ ਭਾਰੀ ਵਾਹਨਾਂ ਦੀ ਆਵਾਜਾਈ ਉਤੇ ਪਾਬੰਦੀ
ਜ਼ਿਲ੍ਹਾ ਮੈਜਿਸਟਰੇਟ ਵਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਨੂਰਪੁਰਬੇਦੀ ਤੋਂ ਬੂੰਗਾ ਸਾਹਿਬ ਰੋਡ ਵਿਖੇ ਆਉਣ-ਜਾਣ ਵਾਲੇ ਭਾਰੀ ਵਾਹਨਾਂ ਦੀ ਆਵਾਜਾਈ ਉਤੇ ਪਾਬੰਦੀ ਲਗਾਈ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜਿਲ੍ਹਾਂ ਮੈਜਿਸਟਰੇਟ ਸ਼੍ਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਨੂਰਪੁਰਬੇਦੀ ਤੋਂ ਬੂੰਗਾ ਸਾਹਿਬ ਰੋਡ ‘ਤੇ ਆਉਣ-ਜਾਣ ਵਾਲੇ ਓਵਰਲੋਡ ਟਿੱਪਰਾਂ ਤੇ ਭਾਰੀ ਵਾਹਨਾਂ ਦੀ ਪਾਬੰਦੀ ਲਗਾਉਣ ਤੋਂ ਬਾਅਦ ਇਸ ਰੋਡ ਤੇ ਕੋਈ ਐਕਸੀਡੈਂਟ ਨਹੀਂ ਹੋਇਆ। ਜਿਸ ਲਈ ਇਸ ਪਾਬੰਦੀ ਨੂੰ ਬਰਕਰਾਰ ਰੱਖਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਸੜਕ ਉੱਤੇ ਬਹੁਤ ਜਿਆਦਾ ਹੈਵੀ ਟਰੈਫਿਕ ਚੱਲਣ ਕਾਰਨ ਇਹ ਸੜਕ ਟੁਟਣ ਦਾ ਖ਼ਤਰਾ ਬਣਿਆ ਰਹਿੰਦਾ ਹੈ ਅਤੇ ਇਥੇ ਦੁਰਘਟਨਾਵਾਂ ਵੀ ਵਾਪਰਦੀਆਂ ਰਹਿੰਦੀਆਂ ਸਨ, ਜਿਸ ਕਾਰਨ ਇਸ ਇਲਾਕੇ ਦੇ ਲੋਕਾਂ ਵੱਲੋਂ ਇਸ ਸੜਕ ਉਤੇ ਹੈਵੀ ਟਰੈਫਿਕ ਨੂੰ ਚਲਾਉਣ ਤੋਂ ਰੋਕਣ ਲਈ ਵਾਰ ਵਾਰ ਮੰਗ ਗਈ ਸੀ।
ੳਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਇਹ ਸੜਕ ਇਤਿਹਾਸਕ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਨੂੰ ਜੁੜਦੀ ਹੋਣ ਕਾਰਨ ਇਸ ਤੇ ਭਾਰੀ ਆਵਾਜਾਈ ਰਹਿੰਦੀ ਹੈ। ਇਨ੍ਹਾਂ ਸਾਰੇ ਤੱਥਾਂ ਨੂੰ ਧਿਆਨ ਵਿਚ ਰੱਖਦੇ ਹੋਏ ਨੂਰਪੁਰਬਦੀ ਤੋਂ ਬੁੰਗਾ ਸਾਹਿਬ ਆਉਣ ਜਾਣ ਵਾਲੇ ਹੈਵੀ ਓਵਰਲੋਡ ਟਿੱਪਰਾਂ/ਭਾਰੀ ਵਾਹਨਾਂ ਦੇ ਚਲਣ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਮੋਟਸਾਈਕਲਾਂ, ਟਰੈਕਟਰਾਂ ਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੈਂਟ ਆਯੋਜਿਤ ਕਰਨ ‘ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਆਈ.ਏ.ਐੱਸ. ਸ਼੍ਰੀ ਹਿਮਾਂਸ਼ੂ ਜੈਨ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਰਾਜ ਵਿੱਚ ਬੀਤੇ ਦਿਨੀ ਕੁਝ ਘਟਨਾਵਾਂ ਵਾਪਰੀਆਂ ਹਨ ਜਿਹਨਾਂ ਵਿੱਚ, ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੈਂਟ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਆਈਆਂ ਹਨ ਅਤੇ ਇੱਕ ਨੌਜਵਾਨ ਦੀ ਮੌਤ ਵੀ ਹੋ ਗਈ ਹੈ।
ਇਸ ਲਈ ਜਿਲ੍ਹਾ ਮੈਜਿਸਟ੍ਰੇਟ, ਰੂਪਨਗਰ ਅਧੀਨ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਤਹਿਤ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਟਰੈਕਟਰਾਂ, ਮੋਟਰਸਾਇਕਲਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ ਸਟੰਟ ਨੂੰ ਆਯੋਜਿਤ ਕਰਨ ਉਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਜਾਂਦੀ ਹੈ।
ਇਹ ਹੁਕਮ ਉਪ ਮੰਡਲ ਮੈਜਿਟਰੇਟ, ਉਪ ਕਪਤਾਨ ਪੁਲਿਸ, ਵਿਕਾਸ ਤੇ ਪੰਚਾਇਤ ਅਫਸਰ ਅਤੇ ਮੁੱਖ ਖੇਤੀਬਾੜੀ ਅਫਸਰ ਲਾਗੂ ਕਰਵਾਉਣ ਲਈ ਪਾਬੰਦ ਹੋਣਗੇ।
ਸਾਈਕਲ, ਰਿਕਸ਼ਾ, ਰੇਹੜੀ, ਟਰੈਕਟਰ-ਟਰਾਲੀ ਆਦਿ ਤੇ ਰਿਫਲੈਕਟਰ ਜਾਂ ਚਮਕਦਾਰ ਟੇਪ ਲਗਾਈ ਜਾਵੇ –
ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰ:6842 ਆਫ 2000 ਵਿੱਚ ਵੀ ਅਗਵਾਈ ਲੀਹਾਂ ਦਿੱਤੀਆਂ ਗਈਆਂ ਹਨ ਕਿ ਸਾਈਕਲ, ਰਿਕਸ਼ਾ, ਰੇਹੜੀ, ਟਰੈਕਟਰ-ਟਰਾਲੀ ਆਦਿ ਵਹੀਕਲਾਂ ਦੇ ਅੱਗੇ ਪਿਛੇ ਰਿਫਲੈਕਟਰ ਲਾਏ ਜਾਣ।
ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਰੂਪਨਗਰ ਵਿੱਚ ਕੋਈ ਵਿਅਕਤੀ ਸਾਈਕਲ, ਰਿਕਸਾ, ਰੇਹੜੀ, ਟਰੈਕਟਰ-ਟਰਾਲੀ ਅਤੇ ਹੋਰ ਗੱਡੀਆਂ ਦੇ ਅੱਗੇ ਪਿਛੇ ਲਾਲ ਰੰਗ ਦੇ ਰਿਫਲੈਕਟਰ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਨਹੀ ਚਲਾਏਗਾ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਨਸ਼ੇ ਦੇ ਤੌਰ ਤੇ ਵਰਤੀ ਜਾ ਰਹੀ ਪ੍ਰੀਗਾਬਾਲਿਨ ਸਾਲਟ 300 ਐਮ.ਜੀ. ਤੇ ਪਾਬੰਦੀ ਦੇ ਹੁਕਮ ਕੀਤੇ ਜਾਰੀ
ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਹੁਣ ਧਾਰਾ 163 ਭਾਰਤੀਏ ਨਾਗਰਿਕ ਸੁਰੱਖਿਆ ਸੰਹਿਤ, 2023 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਰੂਪਨਗਰ ਵਿੱਚ ਪ੍ਰੀਗਾਬਾਲਿਨ ਸਾਲਟ 300 ਐਮ.ਜੀ. ਨੂੰ ਬਿਨ੍ਹਾਂ ਲਾਇਸੰਸ ਰੱਖਣ, ਮਨਜ਼ੂਰਸ਼ੁਦਾ ਤੋਂ ਵੱਧ ਰੱਖਣ ਤੇ ਵੇਚਣ, ਬਿੱਲਾਂ ਆਦਿ ਦਾ ਦਰੁੱਸਤ ਰਿਕਾਰਡ ਮੇਨਟੇਨ ਕਰਨ ਅਤੇ ਇਹ ਦਵਾਈ ਸਿਰਫ ਡਾਕਟਰ ਵੱਲੋਂ ਦਿੱਤੀ ਗਈ ਪਰਚੀ ਤੇ ਹੀ ਦੇਣ ਸੰਬੰਧੀ ਹੁਕਮ ਜਾਰੀ ਕੀਤੇ ਹਨ।
ਸ਼੍ਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ ਇਹ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਨਸ਼ਾ ਤਸਕਰਾਂ ਖਿਲਾਫ਼ ਐਸ.ਟੀ.ਐਫ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਪ੍ਰੀਗਾਬਾਲਿਨ ਸਾਲਟ 300 ਐਮ.ਜੀ. ਦੇ ਕੈਪਸੂਲ ਤੇ ਗੋਲੀਆਂ ਦੀ ਵਰਤੋਂ ਲੋਕਾਂ ਵੱਲੋਂ ਨਸ਼ੇ ਦੇ ਤੌਰ ਤੇ ਕੀਤੀ ਜਾ ਰਹੀ ਹੈ ਜਿਸ ਨਾਲ ਨਸ਼ੇ ਦਾ ਸੇਵਨ ਕਰਨ ਵਾਲੇ ਪੀੜਤ ਵਿਆਕਤੀਆਂ ਵਿੱਚ ਪ੍ਰੀਗਾਬਾਲਿਨ ਸਾਲਟ ਦੀਆਂ ਕੈਪਸੂਲਾਂ ਤੇ ਗੋਲੀਆਂ ਦੇ ਸੇਵਨ ਕਰਨ ਦਾ ਰੁਝਾਨ ਵੱਧ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਹ ਸਾਲਟ ਫਿਲਹਾਲ ਐਨ.ਡੀ.ਪੀ.ਐਸ. ਐਕਟ ਦੇ ਦਾਇਰੇ ਵਿੱਚ ਨਹੀਂ ਆਉਂਦਾ, ਇਸ ਲਈ ਪ੍ਰੀਗਾਬਾਲਿਨ ਸਾਲਟ 300 ਐਮ.ਜੀ. ਨੂੰ ਬਿਨ੍ਹਾਂ ਲਾਇਸੰਸ ਰੱਖਣ, ਮਨਜ਼ੂਰਸ਼ੁਦਾ ਤੋਂ ਵੱਧ ਰੱਖਣ ਤੇ ਵੇਚਣ, ਬਿੱਲਾਂ ਆਦਿ ਦਾ ਦਰੁੱਸਤ ਰਿਕਾਰਡ ਮੇਨਟੇਨ ਕਰਨ ਅਤੇ ਇਹ ਦਵਾਈ ਸਿਰਫ ਡਾਕਟਰ ਵੱਲੋਂ ਦਿੱਤੀ ਗਈ ਪਰਚੀ ਤੇ ਹੀ ਦੇਣ ਸੰਬੰਧੀ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਸੜਕਾਂ ਕਿਨਾਰੇ ਪਸ਼ੂ ਚਰਾਉਣ ‘ਤੇ ਲਗਾਈ ਪਾਬੰਦੀ
ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਧਾਰਾ 163 ਭਾਰਤੀਏ ਨਾਗਰਿਕ ਸੁਰੱਖਿਆ ਸੰਹਿਤ, 2023 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਪਸ਼ੂਆਂ ਨੂੰ ਜ਼ਿਲ੍ਹਾ ਰੂਪਨਗਰ ਦੇ ਸ਼ਹਿਰਾਂ/ਕਸਬਿਆਂ ਅਤੇ ਪਿੰਡਾਂ ਦੀਆਂ ਸੜਕਾਂ ਦੇ ਕਿਨਾਰੇ ਚਰਾਉਣ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ।
ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਰੂਪਨਗਰ ਵਿਚ ਚਰਵਾਹੇ ਭਾਰੀ ਮਾਤਰਾ ਵਿੱਚ ਗਊਆਂ/ਮੱਝਾਂ/ ਭੇਡਾਂ/ਬੱਕਰੀਆਂ ਆਦਿ ਲੈਕੇ ਸ਼ਹਿਰਾਂ/ਕਸਬਿਆਂ ਅਤੇ ਪਿੰਡਾਂ ਵਿੱਚ ਘੁੰਮਦੇ/ ਫਿਰਦੇ ਹਨ ਜੋ ਕਿ ਲੋਕਾਂ ਦੀਆਂ ਫਸਲਾਂ ਅਤੇ ਸੜਕ ਕਿਨਾਰੇ ਲਗਾਏ ਗਏ ਬੂਟਿਆਂ ਨੂੰ ਨੁਕਸਾਨ ਪਹੁੰਚਾਉਂਦੇ ਹਨ। ਜਿਸ ਨਾਲ ਆਮ ਜਨਤਾ ਨੂੰ ਕਾਫੀ ਮੁਸ਼ਕਿਲ ਪੇਸ਼ ਆਉਂਦੀਆਂ ਹਨ ਅਤੇ ਪਸ਼ੂਆਂ ਕਰਨ ਸੜਕ ਉੱਤੇ ਐਕਸੀਡੈਂਟ ਹੋਣ ਦੀਆਂ ਘਟਨਾਵਾਂ ਵੀ ਹੁੰਦੀਆਂ ਹਨ।
ਇਸ ਲਈ ਜ਼ਿਲ੍ਹਾ ਰੂਪਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਅਤੇ ਨਿੱਤ ਸੜਕਾਂ ਤੇ ਹੁੰਦੇ ਐਕਸੀਡੈਂਟਾਂ ਨੂੰ ਮੁੱਖ ਰੱਖਦੇ ਹੋਏ ਫੌਰੀ ਕਾਰਵਾਈ ਦੀ ਲੋੜ ਦੇ ਮੱਦੇਨਜ਼ਰ ਪਸ਼ੂਆਂ ਨੂੰ ਸ਼ਹਿਰਾਂ/ ਕਸ
ਬਿਆਂ ਅਤੇ ਪਿੰਡਾਂ ਦੀਆਂ ਸੜਕਾਂ ਦੇ ਕਿਨਾਰੇ ਚਰਾਉਣ ‘ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ।
ਇਹ ਸਾਰੇ ਹੁਕਮ 23 ਅਪ੍ਰੈਲ 2025 ਤੱਕ ਲਾਗੂ ਰਹਿਣਗੇ।
District Rupnagar Google News