DC Aditya Dachalwal Assesses Supervisors’ Training for Special Intensive Revision 2026
ਰੂਪਨਗਰ, 15 ਜੂਨ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੇ ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐਸ.ਆਈ.ਆਰ.) 2026 ਦੇ ਸ਼ਡਿਊਲ ਅਨੁਸਾਰ ਜ਼ਿਲ੍ਹੇ ਵਿੱਚ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ, ਸੁਚਾਰੂ ਅਤੇ ਸਮੇਂ ਸਿਰ ਮੁਕੰਮਲ ਕਰਨ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋੜੀਂਦੀ ਸਿਖਲਾਈ ਦਿੱਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਜ਼ਿਲ੍ਹਾ ਰੂਪਨਗਰ ਵੱਲੋਂ ਨਿਯੁਕਤ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਤਾਇਨਾਤ ਕੁੱਲ 71 ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਕਰਵਾਈ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਟ੍ਰੇਨਿੰਗ ਦੌਰਾਨ ਐੱਸ.ਆਈ.ਆਰ. ਦੇ ਪਹਿਲੇ ਪੜਾਅ ਵਿੱਚ ਬੀ.ਐੱਲ.ਓਜ਼ ਵੱਲੋਂ ਘਰ-ਘਰ ਜਾ ਕੇ ਭਰਵਾਏ ਜਾਣ ਵਾਲੇ ਐਨੂਮਰੇਸ਼ਨ ਫਾਰਮਾਂ ਨੂੰ ਭਰਨ ਅਤੇ ਤਸਦੀਕ ਕਰਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੋਟਰ ਦਾ ਵੇਰਵਾ ਸਾਲ 2003 ਦੀ ਵੋਟਰ ਸੂਚੀ ਨਾਲ ਪੂਰੀ ਤਰ੍ਹਾਂ ਮੇਲ ਖਾਂਦਾ ਹੈ ਤਾਂ ਉਸ ਦੀ ਜਾਣਕਾਰੀ ਐਨੂਮਰੇਸ਼ਨ ਫਾਰਮ ਦੇ ਪਹਿਲੇ ਕਾਲਮ ਵਿੱਚ ਦਰਜ ਕੀਤੀ ਜਾਵੇਗੀ। ਜੇਕਰ ਵੋਟਰ ਦਾ ਨਾਮ 2003 ਤੋਂ ਬਾਅਦ ਵੋਟਰ ਸੂਚੀ ਵਿੱਚ ਸ਼ਾਮਲ ਹੋਇਆ ਹੈ ਤਾਂ ਉਸ ਦੀ ਜਾਣਕਾਰੀ ਪਰਿਵਾਰ ਦੇ ਕਿਸੇ ਮੈਂਬਰ ਨਾਲ ਜੋੜ ਕੇ ‘ਵੰਸ਼ਜ (ਪ੍ਰੋਜਨੀ)’ ਵਾਲੇ ਕਾਲਮ ਵਿੱਚ ਦਰਜ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵੋਟਰਾਂ ਦੀ ਜਾਣਕਾਰੀ ਉਪਰੋਕਤ ਦੋਵਾਂ ਸ਼੍ਰੇਣੀਆਂ ਵਿੱਚ ਦਰਜ ਨਹੀਂ ਹੋ ਸਕਦੀ, ਉਨ੍ਹਾਂ ਨੂੰ ‘ਨਾ-ਜੋੜੇ ਗਏ (ਨਾਟ ਮੈਪਡ)’ ਸ਼੍ਰੇਣੀ ਵਿੱਚ ਦਰਜ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਫਾਰਮ ਭਰਨ ਸਮੇਂ ਵੋਟਰਾਂ ਦੇ ਆਪਣੇ ਮੋਬਾਈਲ ਨੰਬਰ ਦਰਜ ਕਰਨ ਨੂੰ ਤਰਜੀਹ ਦਿੱਤੀ ਜਾਵੇ ਤਾਂ ਜੋ ਭਵਿੱਖ ਵਿੱਚ ਸੰਪਰਕ ਅਤੇ ਤਸਦੀਕ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਕੀਤੀ ਜਾ ਸਕੇ।
ਸ੍ਰੀ ਡੇਚਲਵਾਲ ਨੇ ਦੱਸਿਆ ਕਿ ਟ੍ਰੇਨਿੰਗ ਦੌਰਾਨ ਗੈਰ-ਨਿਵਾਸੀ ਭਾਰਤੀ (ਐਨ.ਆਰ.ਆਈ.) ਵੋਟਰਾਂ ਦੀ ਮੈਪਿੰਗ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਐਨ.ਆਰ.ਆਈ. ਵੋਟਰ ਦੀ ਤਸਦੀਕ ਉਸ ਦੇ ਪਰਿਵਾਰਕ ਮੈਂਬਰ ਰਾਹੀਂ ਕੀਤੀ ਜਾ ਸਕੇਗੀ। ਇਸ ਤੋਂ ਇਲਾਵਾ ਜੇਕਰ ਕਿਸੇ ਦੌਰੇ ਦੌਰਾਨ ਵੋਟਰ ਆਪਣੀ ਰਿਹਾਇਸ਼ ‘ਤੇ ਮੌਜੂਦ ਨਾ ਹੋਵੇ ਤਾਂ ਬੀ.ਐੱਲ.ਓ. ਵੱਲੋਂ ਘੱਟੋ-ਘੱਟ ਤਿੰਨ ਵਾਰ ਉਸ ਪਤੇ ‘ਤੇ ਦੌਰਾ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਮਾਸਟਰ ਟ੍ਰੇਨਰਾਂ ਵੱਲੋਂ ਬੀ.ਐੱਲ.ਓ. ਐਪ ਦੇ ਨਵੇਂ ਐਪ ਦੀਆਂ ਵਿਸ਼ੇਸ਼ਤਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਸੁਪਰਵਾਈਜ਼ਰਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦੇ ਕੇ ਉਨ੍ਹਾਂ ਦੀਆਂ ਸ਼ੰਕਾਵਾਂ ਦਾ ਨਿਵਾਰਨ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 24 ਜੁਲਾਈ ਤੋਂ ਪੋਲਿੰਗ ਸਟੇਸ਼ਨਾਂ ਦੇ ਰੈਸ਼ਨਲਾਈਜ਼ੇਸ਼ਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ, ਜਿਸ ਤਹਿਤ ਬੀ.ਐੱਲ.ਓਜ਼ ਵੱਲੋਂ ਪੋਲਿੰਗ ਸਟੇਸ਼ਨਾਂ ਦਾ ਮੁਆਇਨਾ ਕੀਤਾ ਜਾਵੇਗਾ ਅਤੇ ਜਿੱਥੇ ਲੋੜ ਹੋਵੇਗੀ ਉੱਥੇ ਨਵੇਂ ਅਤੇ ਬਿਹਤਰ ਪੋਲਿੰਗ ਸਟੇਸ਼ਨ ਸਥਾਪਿਤ ਕਰਨ ਲਈ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਕਿਹਾ ਕਿ ਵੋਟਰ ਸੂਚੀ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇਗੀ। ਟ੍ਰੇਨਿੰਗ ਦੌਰਾਨ ਐੱਸ.ਆਈ.ਆਰ.-2026 ਦੇ ਸ਼ਡਿਊਲ ਅਨੁਸਾਰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ, ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀਆਂ ਮਿਤੀਆਂ, ਉਨ੍ਹਾਂ ਦੇ ਨਿਪਟਾਰੇ ਅਤੇ ਹੋਰ ਸਬੰਧਿਤ ਵਿਸ਼ਿਆਂ ਬਾਰੇ ਵੀ ਵਿਸਥਾਰਪੂਰਵਕ ਚਰਚਾ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਚੋਣ ਦਫ਼ਤਰ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।

















