ਰੂਪਨਗਰ, 15 ਅਗਸਤ: ਆਜ਼ਾਦੀ ਦੇ 78ਵੇਂ ਦਿਹਾੜੇ ਮੌਕੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਵਿਖੇ ਡਿਪਟੀ ਸਪੀਕਰ ਵਿਧਾਨ ਸਭਾ ਪੰਜਾਬ ਸ. ਜੈ ਕਿਸ਼ਨ ਸਿੰਘ ਰੋੜੀ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਿਭਾਈ ਗਈ।
ਇਸ ਉਪਰੰਤ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ. ਗੁਲਨੀਤ ਸਿੰਘ ਖੁਰਾਣਾ ਵਲੋਂ ਉਨ੍ਹਾਂ ਨੂੰ ਐਸਕੋਰਟ ਕਰਕੇ ਪਰੇਡ ਦਾ ਨਿਰੀਖਣ ਕਰਨ ਲਈ ਲਜਾਇਆ ਗਿਆ। ਇਸ ਮੌਕੇ ਡੀ.ਐਸ.ਪੀ. (ਸਪੈਸ਼ਲ ਕ੍ਰਾਈਮ) ਸ. ਰਮਨਦੀਪ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਵਲੋਂ ਸਲਾਮੀ ਦਿੱਤੀ ਗਈ। ਜਿਸ ਵਿਚ ਪੰਜਾਬ ਪੁਲਿਸ ਪੁਰਸ਼, ਪੰਜਾਬ ਪੁਲਿਸ ਮਹਿਲਾ, ਪੰਜਾਬ ਹੋਮ ਗਾਰਡਜ਼, ਵੱਖ-ਵੱਖ ਸਕੂਲਾਂ ਅਤੇ ਬੈਂਡ ਦੀ ਟੁਕੜੀਆਂ ਵਲੋਂ ਮਾਰਚ ਪਾਸਟ ਵਿਚ ਹਿੱਸਾ ਲਿਆ ਗਿਆ।
ਇਸ ਸਮਾਰੋਹ ਮੌਕੇ ਸ. ਜੈ ਕਿਸ਼ਨ ਸਿੰਘ ਰੋੜੀ ਵਲੋਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਿਤ ਹੁੰਦਿਆਂ ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ ਅਤੇ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਖੇਡਾਂ ਵਿਚ ਦੇਸ਼ ਦਾ ਮੁੜ ਮੋਹਰੀ ਸੂਬਾ ਬਣਾਉਣ ਲਈ ਓਲੰਪਿਕ ਖੇਡਾਂ ਤੇ ਏਸ਼ੀਅਨ ਖੇਡਾਂ ਵਿੱਚ ਹਿੱਸਾ ਲੈਣ ਗਏ ਖਿਡਾਰੀਆਂ ਨੂੰ ਤਿਆਰੀ ਲਈ ਕ੍ਰਮਵਾਰ 15 ਲੱਖ ਅਤੇ 8 ਲੱਖ ਰੁਪਏ ਪ੍ਰਤੀ ਖਿਡਾਰੀ ਰਾਸ਼ੀ ਦਿੱਤੀ ਜਾ ਰਹੀ ਹੈ।
ਡਿਪਟੀ ਸਪੀਕਰ ਨੇ ਕਿਹਾ ਕਿ ਸੂਬੇ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਜਿਸ ਸਦਕਾ ਇਸ ਵਾਰ ਸੂਬੇ ਵਿੱਚ 2.52 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੋਈ ਹੈ, ਜੋ ਕਿ ਪਿਛਲੇ ਸਾਲ 1.72 ਲੱਖ ਏਕੜ ਸੀ। ਇਸ ਤਰ੍ਹਾਂ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ 46 ਫੀਸਦ ਤੋਂ ਵੱਧ ਵਾਧਾ ਹੋਇਆ ਹੈ।
ਇਸ ਤੋਂ ਇਲਾਵਾ ਵਿੱਤੀ ਸਾਲ 2024-25 ਦੌਰਾਨ ਪਰਾਲੀ ਦੀ ਸਾਂਭ-ਸੰਭਾਲ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਉਲੀਕੀ ਗਈ ਹੈ ਜਿਸ ਤਹਿਤ ਕਿਸਾਨ ਸਮੂਹਾਂ/ਪੰਚਾਇਤਾਂ ਨੂੰ 80 ਫ਼ੀਸਦੀ ਸਬਸਿਡੀ ਅਤੇ ਵਿਅਕਤੀਗਤ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ ‘ਤੇ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਮਾਰਚ 2022 ਤੋਂ ਲੈ ਕੇ ਹੁਣ ਤੱਕ 78 ਹਜਾਰ 263 ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ, ਜਿਸ ਨਾਲ ਰੋਜ਼ਗਾਰ ਦੇ 2 ਲੱਖ 51 ਹਜ਼ਾਰ ਤੋਂ ਵੱਧ ਸਿੱਧੇ ਅਤੇ 1 ਲੱਖ 23 ਹਜ਼ਾਰ ਤੋਂ ਵੱਧ ਅਸਿੱਧੇ ਮੌਕੇ ਪੈਦਾ ਹੋਣਗੇ।
ਅਖੀਰ ਵਿੱਚ ਉਨ੍ਹਾਂ ਭਾਰਤ ਦੇ ਸਾਰੇ ਮਹਾਨ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦੇ ਹੋਏ ਪੰਜਾਬ ਅਤੇ ਦੇਸ਼ ਦੀ ਖੁਸ਼ਹਾਲੀ ਤੇ ਤਰੱਕੀ ਦੀ ਕਾਮਨਾ ਕਰਦਿਆਂ ਕਿਹਾ ਕਿ ਵਾਲੀ ਸੂਬਾ ਸਰਕਾਰ ਮੁੜ ਸੂਬੇ ਨੂੰ ‘ਰੰਗਲਾ ਪੰਜਾਬ, ਹੱਸਦਾ ਖੇਡਦਾ ਤੇ ਖੁਸ਼ਹਾਲ ਪੰਜਾਬ’ ਬਣਾਉਣ ਲਈ ਤੱਤਪਰ ਹੈ ਅਤੇ ਇਸ ਦਿਸ਼ਾ ਵਿੱਚ ਨਿਰੰਤਰ ਉਪਰਾਲੇ ਹੋ ਰਹੇ ਹਨ।
ਇਸ ਸਮਾਰੋਹ ਵਿਚ ਪਹੁੰਚੇ ਜ਼ਿਲ੍ਹੇ ਦੇ ਆਜ਼ਾਦੀ ਘੁਲਾਟੀਏ ਅਤੇ ਸੁਤੰਤਰਤਾਂ ਸੰਗਰਾਮੀਆਂ ਨੂੰ ਡਿਪਟੀ ਸਪੀਕਰ ਨੇ ਸ਼ਾਲ ਭੇਟ ਕਰਕੇ ਸਨਮਾਨਿਤ ਕੀਤਾ ਤੇ ਕਿਹਾ ਕਿ ਇਹ ਸਾਡੇ ਦੇਸ਼ ਦਾ ਮਾਣ ਹਨ ਜਿਨ੍ਹਾਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।
ਇਸ ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਪਿਆਰ ਦੀ ਭਾਵਨਾ ਭਰਦੇ ਹੋਏ ਕੋਰੀਓਗ੍ਰਆਫੀ, ਡਾਂਸ ਅਤੇ ਗਿੱਧਾ ਆਦਿ ਰੰਗਾ-ਰੰਗ ਪ੍ਰੋਗਰਾਮਾਂ ਦੀ ਪੇਸ਼ਕਾਰੀ ਕੀਤੀ ਗਈ। ਸ਼ਿਵਾਲਿਕ ਸਕੂਲ ਦੇ ਸਟਾਫ ਵਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ।
ਪ੍ਰੋਗਰਾਮ ਦੇ ਅੰਤ ਵਿਚ ਵੱਖ-ਵੱਖ ਖੇਤਰਾਂ ਵਿਚ ਉਪਲੱਬਧੀਆਂ ਹਾਸਿਲ ਕਰਨ ਵਾਲੇ, ਸਮਾਜ ਸੇਵੀਆਂ, ਜ਼ਿਲ੍ਹਾ ਪ੍ਰਸ਼ਾਸਨ ਵਿਚ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ ਤੇ ਲਗਨ ਨਾਲ ਕਰਨ ਵਾਲਿਆਂ, ਅਤੇ ਹੋਰ ਵੱਡੀਆਂ ਸ਼ਖਸੀਅਤਾਂ ਨੂੰ ਮੁੱਖ ਮਹਿਮਾਨ ਵਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਉਪਰੰਤ ਡਿਪਟੀ ਸਪੀਕਰ ਵਿਧਾਨ ਸਭਾ ਪੰਜਾਬ ਸ. ਜੈ ਕਿਸ਼ਨ ਸਿੰਘ ਰੋੜੀ ਨੇ ਜ਼ਿਲ੍ਹੇ ਦੇ ਸਮੂਹ ਸਕੂਲਾਂ ਨੂੰ 16 ਅਗਸਤ ਦੀ ਛੁੱਟੀ ਦਾ ਐਲਾਨ ਕੀਤਾ।
ਇਸ ਮੌਕੇ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ, ਕਮਿਸ਼ਨਰ ਰੂਪਨਗਰ ਰੇਂਜ ਸ਼੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਜ਼ਿਲ੍ਹਾ ਤੇ ਸ਼ੈਸ਼ਨ ਜੱਜ ਸ਼੍ਰੀਮਤੀ ਰਮੇਸ਼ ਕੁਮਾਰੀ, ਵਧੀਕ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਸ੍ਰੀ ਸ਼ਾਮ ਲਾਲ, ਜ਼ਿਲ੍ਹਾ ਯੋਜਨਾ ਬੋਰਡ ਕਮੇਟੀ ਦੇ ਚੇਅਰਮੈਨ ਸ. ਹਰਮਿੰਦਰ ਸਿੰਘ ਢਾਹੇ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਸ਼੍ਰੀ ਸੰਜੀਵ ਕੁਮਾਰ, ਜੇ.ਐਮ.ਆਈ.ਸੀ., ਰੂਪਨਗਰ ਡਾ. ਸੁਸ਼ੀਲ ਬੋਧ, ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਹਿਮਸ਼ੀ ਗਲਹੋਤਰਾ, ਆਰ.ਟੀ.ਓ. ਸ. ਗੁਰਵਿੰਦਰ ਸਿੰਘ ਜੌਹਲ, ਐਸ.ਡੀ.ਐਮ. ਰੂਪਨਗਰ ਸ਼੍ਰੀ ਨਵਦੀਪ ਕੁਮਾਰ, ਨਾਇਬ ਤਹਿਸੀਲਦਾਰ ਸ. ਰਾਜਬੀਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਸੁਰਿੰਦਰਪਾਲ ਸਿੰਘ, ਜ਼ਿਲ੍ਹਾ ਵਣ ਅਫ਼ਸਰ ਸ. ਹਰਜਿੰਦਰ ਸਿੰਘ, ਜ਼ਿਲ੍ਹਾ ਵਣ ਅਫ਼ਸਰ (ਜੰਗਲੀ ਜੀਵ) ਸ. ਕੁਲਰਾਜ ਸਿੰਘ, ਸਹਾਇਕ ਸਿਵਲ ਸਰਜਨ ਡਾ. ਅੰਜੂ ਭਾਟੀਆ, ਮੁੱਖ ਖੇਤੀਬਾੜੀ ਅਫਸਰ ਡਾ. ਗੁਰਬਚਨ ਸਿੰਘ, ਪੁਲਿਸ ਪ੍ਰਸਾਸ਼ਨ ਤੋਂ ਐਸ.ਪੀ. ਹੈੱਡਕੁਆਟਰ ਸ. ਰਾਜਪਾਲ ਸਿੰਘ ਹੁੰਦਲ ਐਸ.ਪੀ ਸ਼੍ਰੀਮਤੀ ਰੁਪਿੰਦਰ ਕੌਰ ਸਰਾਂ, ਆਮ ਆਦਮੀ ਪਾਰਟੀ ਤੋਂ ਸ਼੍ਰੀ ਰਾਮ ਕੁਮਾਰ ਮੁਕਾਰੀ, ਸ. ਕਮਿੱਕਰ ਸਿੰਘ ਢਾਡੀ, ਸ. ਭਾਗ ਸਿੰਘ ਮਦਾਨ ਅਤੇ ਪ੍ਰੈੱਸ ਦੇ ਨੁਮਾਇੰਦੀਆਂ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।
ਜ਼ਿਲ੍ਹੇ ਦੇ ਸਮੂਹ ਸਕੂਲਾਂ ਨੂੰ 16 ਅਗਸਤ ਦੀ ਛੁੱਟੀ ਦਾ ਕੀਤਾ ਐਲਾਨ