ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਲਈ ਸਾਂਝੇ ਯਤਨ ਕਰਨ ਦੀ ਲੋੜ: ਕਾਉਂਸਲਰ ਪ੍ਰਭਜੋਤ ਕੌਰ


Awareness seminar on the ill effects of drugs and free legal services was organized at Government High School Kotla Nihang.

Awareness seminar on the ill effects of drugs and free legal services was organized at Government High School Kotla Nihang.

ਰੂਪਨਗਰ:  ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਸਵੇਰ ਦੀ ਸਭਾ ਦੌਰਾਨ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਨਸ਼ਾ ਛੁਡਾਊ ਪ੍ਰੋਗਰਾਮ ਦੇ ਕਾਉਂਸਲਰ ਪ੍ਰਭਜੋਤ ਕੌਰ ਨੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਬਾਰੇ ਜਾਣਕਾਰੀ ਦਿੰਦਿਆਂ ਨਸ਼ਿਆਂ ਦੀ ਸਮਾਜਿਕ, ਸਰੀਰਕ ਅਤੇ ਮਾਨਸਿਕ ਸਿਹਤ ਉੱਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ।
ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿਹਤਮੰਦ ਜੀਵਨਸ਼ੈਲੀ ਅਪਣਾਉਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਤ ਵਿਅਕਤੀ ਦੇ ਨਾਲ-ਨਾਲ ਉਸ ਦੇ ਪਰਿਵਾਰ ਅਤੇ ਸਮੁੱਚੇ ਸਮਾਜ ਨੂੰ ਵੀ ਪ੍ਰਭਾਵਿਤ ਕਰਦੀ ਹੈ। ਇਸ ਲਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਲਈ ਸਾਂਝੇ ਯਤਨ ਕਰਨ ਦੀ ਲੋੜ ਹੈ।
ਸੈਮੀਨਾਰ ਦੌਰਾਨ ਪ੍ਰਭਜੋਤ ਕੌਰ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਯੋਗਤਾ ਦੇ ਮਾਪਦੰਡਾਂ ਅਨੁਸਾਰ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ, ਖ਼ਾਸ ਕਰਕੇ ਔਰਤਾਂ ਸਮੇਤ ਹੋਰ ਯੋਗ ਵਰਗਾਂ ਦੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁਫ਼ਤ ਕਾਨੂੰਨੀ ਸਹਾਇਤਾ ਕਲੀਨਿਕਾਂ ਦੀ ਭੂਮਿਕਾ ਬਾਰੇ ਜਾਣਕਾਰੀ ਦਿੰਦਿਆਂ ਲੋੜ ਪੈਣ ’ਤੇ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਸਕੂਲ ਦੇ ਮਾਰਗਦਰਸ਼ਨ ਅਤੇ ਕਾਉਂਸਲਿੰਗ ਅਧਿਆਪਕ ਸ. ਕੁਲਵੰਤ ਸਿੰਘ ਅਤੇ ਸਕੂਲ ਮੁਖੀ ਸ੍ਰੀਮਤੀ ਸੋਨੀਆ ਨੇ ਵੀ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਕਾਨੂੰਨੀ ਸਹਾਇਤਾ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਅਜਿਹੇ ਜਾਗਰੂਕਤਾ ਸੈਮੀਨਾਰਾਂ ਨੂੰ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਲਈ ਮਹੱਤਵਪੂਰਨ ਦੱਸਿਆ। ਸਕੂਲ ਮੁਖੀ ਸ੍ਰੀਮਤੀ ਸੋਨੀਆ ਅਤੇ ਸ. ਕੁਲਵੰਤ ਸਿੰਘ ਨੇ ਵਿਦਿਆਰਥੀਆਂ ਨੂੰ ਅਹਿਮ ਜਾਣਕਾਰੀ ਦੇਣ ਅਤੇ ਜਾਗਰੂਕ ਕਰਨ ਲਈ ਕਾਉਂਸਲਰ ਪ੍ਰਭਜੋਤ ਕੌਰ ਦਾ ਧੰਨਵਾਦ ਕੀਤਾ।

Leave a Comment

Your email address will not be published. Required fields are marked *

Scroll to Top