ਰੂਪਨਗਰ, 1 ਸਤੰਬਰ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ “ਖੇਡਾਂ ਵਤਨ ਪੰਜਾਬ ਦੀਆਂ” ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਅਹਿਮ ਰੋਲ ਨਿਭਾਅ ਰਹੀਆਂ ਹਨ। ਇਹਨਾਂ ਖੇਡਾਂ ਸਦਕਾ ਵੱਡੀ ਗਿਣਤੀ ਨੌਜਵਾਨ ਖੇਡਾਂ ਨਾਲ ਜੁੜ ਰਹੇ ਹਨ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ “ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ -3” ਤਹਿਤ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ ਕਰਵਾਉਂਦਿਆਂ ਰਸਮੀ ਐਲਾਨ ਕਰਨ ਮੌਕੇ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਖੇਡਾਂ ਸਾਡੇ ਲਈ ਬਹੁਤ ਜਰੂਰੀ ਹਨ ਕਿਉਂਕਿ ਖੇਡਾਂ ਜਿੱਥੇ ਖਿਡਾਰੀਆਂ ਨੂੰ ਸਰੀਰਕ ਪੱਖੋਂ ਚੁਸਤ-ਦਰੁੱਸਤ ਰੱਖਦੀਆਂ ਹਨ ਉੱਥੇ ਹੀ ਖਿਡਾਰੀਆਂ ਨੂੰ ਮਾਨਸਿਕ ਤੌਰ ਤੇ ਵੀ ਮਜਬੂਤ ਬਣਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਬੱਚਿਅਂ ਨੂੰ ਛੋਟੀ ਉਮਰ ਤੋਂ ਹੀ ਖੇਡਾਂ ਨਾਲ ਜੋੜਨਾਂ ਚਾਹੀਦਾ ਹੈ ਤਾਂ ਜੋ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।
ਉਨ੍ਹਾਂ ਖਿਡਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜਿੱਤ ਤੇ ਹਾਰ ਇੱਕੋ ਸਿੱਕੇ ਦੇ ਦੋ ਪਹਿਲੂ ਹਨ, ਇਸ ਲਈ ਖਿਡਾਰੀਆਂ ਨੂੰ ਹਮੇਸ਼ਾਂ ਅਨੁਸ਼ਾਸ਼ਨ ਵਿੱਚ ਰਹਿ ਕੇ ਖੇਡਣਾ ਚਾਹੀਦਾ ਹੈ। ਉਨ੍ਹਾਂ ਖਿਡਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਆਪਣੀ ਖੇਡ ਪ੍ਰਤਿਭਾ ਦੇ ਬਿਹਤਰ ਪ੍ਰਦਰਸ਼ਨ ਕਰਕੇ ਹੀ ਉਚੀਆਂ ਮੱਲ੍ਹਾਂ ਮਾਰੀਆਂ ਜਾ ਸਕਦੀਆਂ ਹਨ। ਇਸ ਲਈ ਹੋਰ ਵੀ ਵਧੇਰੇ ਮਿਹਨਤ ਨਾਲ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰੋ ਤਾਂ ਜੋ ਭਵਿੱਖ ਵਿੱਚ ਹੋਰ ਵੀ ਉਚਾਈਆਂ ਨੂੰ ਛੂਹ ਸਕੋ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਦਾ ਪਹਿਲਾ ਕਦਮ ਖੇਡਾਂ ਹੈ, ਜਿਸ ਤਹਿਤ ਇਹ ਉਪਰਾਲਾ ਕੀਤਾ ਗਿਆ ਹੈ, ਜਿਹੜਾ ਕਿ ਬਹੁਤ ਕਾਰਗਰ ਸਾਬਤ ਹੋ ਰਿਹਾ ਹੈ। ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਰੂਪਨਗਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ-2024 ਅਧੀਨ ਬਲਾਕ ਪੱਧਰੀ ਖੇਡਾਂ, ਜ਼ਿਲ੍ਹਾ ਪੱਧਰੀ ਖੇਡਾਂ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ।
ਇਸ ਮੌਕੇ ਖ਼ਿਡਾਰੀਆਂ ਵੱਲੋਂ ਖੇਡ ਦਾ ਪ੍ਰਦਰਸ਼ਨ ਕਰਨ ਮੌਕੇ ਅਨੁਸ਼ਾਸਨ ਵਿੱਚ ਰਹਿ ਕੇ ਖੇਡ ਨਿਯਮਾਂ ਦੀ ਪਾਲਣਾ ਕਰਨ ਅਤੇ ਪੰਜਾਬ ਦੀ ਆਨ ਸ਼ਾਨ ਨੂੰ ਬਹਾਲ ਰੱਖਣ ਲਈ ਸਹੁੰ ਚੁੱਕੀ ਗਈ।
ਜ਼ਿਲ੍ਹਾ ਖੇਡ ਅਫ਼ਸਰ ਸ. ਜਗਜੀਵਨ ਸਿੰਘ ਨੇ ਦੱਸਿਆ ਕਿ ਖਿਡਾਰੀਆਂ ਲਈ ਖੇਡ ਮੈਦਾਨਾਂ, ਖੇਡ ਸਮੱਗਰੀ, ਪੀਣ ਵਾਲੇ ਪਾਣੀ, ਰਿਫਰੈਸ਼ਮੈਂਟ ਹਰ ਲੋੜੀਂਦੀ ਚੀਜ਼ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਕਿਸੇ ਵੀ ਖਿਡਾਰੀ ਤੇ ਦਰਸ਼ਕ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਹਨਾਂ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ।
ਉਨ੍ਹਾਂ ਦੱਸਿਆ ਕਿ ਇਹ ਖੇਡਾਂ ਵੱਖ-ਵੱਖ ਕੈਟਾਗਰੀਆਂ ਤਹਿਤ ਕਰਵਾਈਆਂ ਜਾਣਗੀਆਂ। ਜਿਨ੍ਹਾਂ ਵਿੱਚ ਅੰਡਰ -14, ਅੰਡਰ -17, ਅੰਡਰ-21, 21 ਤੋਂ 30 ਸਾਲ ਓਪਨ ਗਰੁੱਪ, 31 ਤੋਂ 40 ਸਾਲ ਓਪਨ ਗਰੁੱਪ, 41 ਤੋਂ 50 ਸਾਲ ਤੱਕ ਓਪਨ ਗਰੁੱਪ, 51 ਤੋਂ 60 ਸਾਲ ਤੱਕ ਓਪਨ ਗਰੁੱਪ, 61 ਤੋਂ 40 ਸਾਲ ਤੱਕ ਓਪਨ ਗਰੁੱਪ, 70 ਸਾਲ ਤੋਂ ਉੱਪਰ ਦੇ ਖਿਡਾਰੀ ਓਪਨ ਗਰੁੱਪ ਸ਼ਾਮਲ ਹਨ।
ਇਸ ਮੌਕੇ ਐਸ.ਡੀ.ਐਮ. ਰੂਪਨਗਰ ਨਵਦੀਪ ਕੁਮਾਰ, ਜ਼ਿਲ੍ਹਾ ਲੋਕ ਸੰਪਰਕ ਅਫਸਰ ਕਰਨ ਮਹਿਤਾ, ਸਿੱਖਿਆ ਵਿਭਾਗ ਤੋਂ ਖੇਡ ਕੋਆਰਡੀਨੇਟਰ ਸ਼ਰਨਜੀਤ ਕੌਰ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਵੱਡੀ ਗਿਣਤੀ ਖਿਡਾਰੀ ਤੇ ਪਤਵੰਤੇ ਹਾਜ਼ਰ ਸਨ।
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ -3″ ਬੱਚਿਆਂ ਨੂੰ ਛੋਟੀ ਉਮਰ ‘ਚ ਖੇਡਾਂ ਨਾਲ ਜੋੜ ਕੇ ਸਿਹਤਮੰਦ ਸਮਾਜ ਦੀ ਕੀਤੀ ਜਾ ਸਕਦੀ ਹੈ ਸਿਰਜਣਾ