District Administration Fully Prepared for ‘Khedan Vatan Punjab Diyan-2026’
ਰੂਪਨਗਰ, 03 ਸਤੰਬਰ: ‘ਖੇਡਾਂ ਵਤਨ ਪੰਜਾਬ ਦੀਆਂ-2026’ ਨੂੰ ਜ਼ਿਲ੍ਹਾ ਰੂਪਨਗਰ ਵਿੱਚ ਸਫ਼ਲਤਾਪੂਰਵਕ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਸਬੰਧਤ ਵਿਭਾਗਾਂ ਨੂੰ ਖੇਡਾਂ ਨੂੰ ਸੁਚੱਜੇ, ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਜ਼ਿਲ੍ਹਾ ਖੇਡ ਅਫ਼ਸਰ ਨੂੰ ਵੱਧ ਤੋਂ ਵੱਧ ਖਿਡਾਰੀਆਂ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਕੂਲਾਂ, ਕਾਲਜਾਂ, ਖੇਡ ਕਲੱਬਾਂ ਅਤੇ ਹੋਰ ਸੰਸਥਾਵਾਂ ਰਾਹੀਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾਵੇ ਤਾਂ ਜੋ ਜ਼ਿਲ੍ਹੇ ਦੀ ਵੱਧ ਤੋਂ ਵੱਧ ਖੇਡ ਪ੍ਰਤਿਭਾ ਨੂੰ ਆਪਣੀ ਕਾਬਲੀਅਤ ਦਿਖਾਉਣ ਦਾ ਮੌਕਾ ਮਿਲ ਸਕੇ।
ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਰੇਕ ਖੇਡ ਮੈਦਾਨ ਵਿੱਚ ਖਿਡਾਰੀਆਂ ਲਈ ਲੋੜੀਂਦੀਆਂ ਸਹੂਲਤਾਂ, ਪੀਣ ਵਾਲਾ ਪਾਣੀ, ਸਾਫ਼-ਸਫ਼ਾਈ ਅਤੇ ਰਿਫਰੈਸ਼ਮੈਂਟ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਇਸ ਦੇ ਨਾਲ ਹੀ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਖੇਡ ਸਥਾਨਾਂ ’ਤੇ ਤਾਇਨਾਤ ਰੱਖਣ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੇ ਡਾਕਟਰੀ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਖਿਡਾਰੀਆਂ ਅਤੇ ਦਰਸ਼ਕਾਂ ਦੀ ਸੁਰੱਖਿਆ ਲਈ ਵੀ ਢੁੱਕਵੇਂ ਪ੍ਰਬੰਧ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।
ਉਨ੍ਹਾਂ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਸਿਰਫ਼ ਖੇਡ ਮੁਕਾਬਲਿਆਂ ਤੱਕ ਸੀਮਤ ਨਹੀਂ, ਸਗੋਂ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਦੇਣ, ਉਨ੍ਹਾਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਪੈਦਾ ਕਰਨ ਦਾ ਮਹੱਤਵਪੂਰਨ ਮੰਚ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ, ਖਿਡਾਰੀਆਂ, ਨੌਜਵਾਨਾਂ, ਕੋਚਾਂ, ਅਧਿਆਪਕਾਂ, ਮਾਪਿਆਂ ਅਤੇ ਖੇਡ ਪ੍ਰੇਮੀਆਂ ਨੂੰ ਇਨ੍ਹਾਂ ਖੇਡਾਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਰਾਜ ਪੱਧਰੀ ਆਗਾਜ਼ 5 ਸਤੰਬਰ ਨੂੰ ਬਠਿੰਡਾ ਵਿਖੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਕੀਤਾ ਜਾਵੇਗਾ। ਜ਼ਿਲ੍ਹਾ ਰੂਪਨਗਰ ਵਿੱਚ ਖੇਡ ਮੁਕਾਬਲਿਆਂ ਦੀ ਸ਼ੁਰੂਆਤ 9 ਸਤੰਬਰ ਤੋਂ ਹੋਵੇਗੀ। ਬਲਾਕ ਪੱਧਰੀ ਮੁਕਾਬਲੇ 9 ਤੋਂ 14 ਸਤੰਬਰ ਤੱਕ ਅਤੇ ਜ਼ਿਲ੍ਹਾ ਪੱਧਰੀ ਮੁਕਾਬਲੇ 21 ਤੋਂ 30 ਸਤੰਬਰ ਤੱਕ ਕਰਵਾਏ ਜਾਣਗੇ। ਬਲਾਕ ਪੱਧਰ ’ਤੇ 9 ਤੋਂ 11 ਸਤੰਬਰ ਤੱਕ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਚਮਕੌਰ ਸਾਹਿਬ ਅਤੇ ਰੂਪਨਗਰ, ਜਦਕਿ 12 ਤੋਂ 14 ਸਤੰਬਰ ਤੱਕ ਮੋਰਿੰਡਾ ਅਤੇ ਨੂਰਪੁਰ ਬੇਦੀ ਵਿਖੇ ਖੇਡ ਮੁਕਾਬਲੇ ਕਰਵਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਐਥਲੈਟਿਕਸ, ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ, ਖੋ-ਖੋ, ਵਾਲੀਬਾਲ, ਫੁੱਟਬਾਲ, ਟੈਨਿਸ ਬਾਲ ਕ੍ਰਿਕਟ, ਬੈਡਮਿੰਟਨ, ਕਿੱਕ ਬਾਕਸਿੰਗ, ਰੋਲਰ ਸਕੇਟਿੰਗ ਅਤੇ ਸ਼ੂਟਿੰਗ ਸਮੇਤ ਵੱਖ-ਵੱਖ ਖੇਡਾਂ ਨੂੰ ਸ਼ਾਮਲ ਕੀਤਾ ਗਿਆ ਹੈ। ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈ ਸਕਦੇ ਹਨ ਅਤੇ ਰਜਿਸਟ੍ਰੇਸ਼ਨ ਕਿਊ.ਆਰ. ਕੋਡ ਰਾਹੀਂ ਵੀ ਕੀਤੀ ਜਾ ਸਕਦੀ ਹੈ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ, ਐੱਸ.ਪੀ. ਹੈੱਡਕੁਆਰਟਰ ਹਰਸਿਮਰਤ ਸਿੰਘ, ਐੱਸ.ਡੀ.ਐੱਮ. ਰੂਪਨਗਰ ਜਸਪ੍ਰੀਤ ਸਿੰਘ, ਐੱਸ.ਡੀ.ਐੱਮ. ਆਨੰਦਪੁਰ ਸਾਹਿਬ ਸੁਖਪਾਲ ਸਿੰਘ, ਐੱਸ.ਡੀ.ਐੱਮ. ਨੰਗਲ ਸਚਿਨ ਪਾਠਕ, ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਗਿੱਲ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ, ਜ਼ਿਲ੍ਹਾ ਮੰਡੀ ਅਫ਼ਸਰ ਸੁਰਿੰਦਰਪਾਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇੰਦਰਜੀਤ ਸਿੰਘ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ਼ਰਨਜੀਤ ਕੌਰ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓਜ਼, ਕਾਰਜ ਸਾਧਕ ਅਫ਼ਸਰ, ਹੋਰ ਅਧਿਕਾਰੀ ਤੇ ਕਰਮਚਾਰੀ ਅਤੇ ਖੇਡ ਵਿਭਾਗ ਦੇ ਕੋਚ ਹਾਜ਼ਰ ਸਨ।



















