
ਰੂਪਨਗਰ, 14 ਫਰਵਰੀ: ਜ਼ਿਲ੍ਹੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ 23 ਫਰਵਰੀ 2025 ਦਿਨ ਐਤਵਾਰ ਨੂੰ ਸਲਾਨਾ ਮਿੰਨੀ ਮੈਰਾਥਨ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਪੱਤਰਕਾਰਾਂ ਨਾਲ ਪ੍ਰੈੱਸ ਕਾਨਫਰੰਸ ਕਰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਵਾਸੀਆਂ ਤੇ ਵਿਸ਼ੇਸ਼ ਤੌਰ ਉਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਸਮੇਂ-ਸਮੇਂ ਤੇ ਵੱਖ-ਵੱਖ ਯਤਨ ਕੀਤੇ ਜਾ ਰਹੇ ਹਨ। ਇਸੇ ਮੰਤਵ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਹ ਮਿੰਨੀ ਮੈਰਾਥਨ ਕਰਵਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ ਜਿਸਦਾ ਮੁੱਖ ਮੰਤਵ ਖੇਡਾਂ ਤੇ ਤੰਦਰੁਸਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸਾਡਾ ਜ਼ਿਲ੍ਹਾ ਰੂਪਨਗਰ ਖੇਡਾਂ ਵਿੱਚ ਪਹਿਲੇ ਸਥਾਨ ‘ਤੇ ਹੋਵੇ ਅਤੇ ਇਸ ਜ਼ਿਲ੍ਹੇ ਵਿੱਚੋਂ ਵੱਖ-ਵੱਖ ਖੇਡਾਂ ਵਿੱਚ ਵੱਡੇ ਖਿਡਾਰੀ ਤੇ ਓਲੰਪਿਅਨ ਪੈਦਾ ਹੋਣ।
