District level tech fair will provide a platform for technological innovations and latest ideas of government school students – Deputy District Education Officer

ਮਿਸ਼ਨ ਰਫ਼ਤਾਰ ਤਹਿਤ 18 ਨਵੰਬਰ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਹੋਵੇਗਾ ਡਿਜੀਟਲ ਇਨੋਵੇਸ਼ਨ ਮੇਲਾ
ਰੂਪਨਗਰ, 13 ਨਵੰਬਰ: ਸਿੱਖਿਆ ਵਿਭਾਗ ਪੰਜਾਬ ਵੱਲੋਂ ਮਿਸ਼ਨ ਰਫ਼ਤਾਰ ਸੈਸ਼ਨ 2026-27 ਤਹਿਤ ਸਰਕਾਰੀ ਸਕੂਲਾਂ ਦੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ ਤਕਨੀਕੀ ਸੂਝ-ਬੂਝ, ਸਿਰਜਣਾਤਮਕਤਾ ਅਤੇ ਨਵੀਨਤਾਕਾਰੀ ਸੋਚ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪੱਧਰੀ ਡਿਜੀਟਲ ਨਵੀਨਤਾ ਮੇਲਾ (ਟੈਕ ਫੇਅਰ 2026-27) 18 ਨਵੰਬਰ 2026 ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਕਰਵਾਇਆ ਜਾ ਰਿਹਾ ਹੈ।
ਇਸ ਸਬੰਧ ਵਿੱਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇੰਦਰਜੀਤ ਸਿੰਘ (ਸੈ.ਸੀ.), ਜ਼ਿਲ੍ਹਾ ਨੋਡਲ ਅਫ਼ਸਰ, ਮਿਸ਼ਨ ਰਫਤਾਰ ਦਿਸ਼ਾਂਤ ਮਹਿਤਾ ਅਤੇ ਕਮੇਟੀ ਮੈਂਬਰ ਅਮਰੀਕ ਸਿੰਘ ਵੱਲੋਂ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਕੋਮਲ ਮਿੱਤਲ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ (ਡੀ.ਪੀ.ਆਰ.ਓ.) ਸ੍ਰੀ ਕਰਨ ਮਹਿਤਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
ਉਨ੍ਹਾਂ ਨੂੰ 18 ਨਵੰਬਰ 2026 ਨੂੰ ਆਯੋਜਿਤ ਹੋਣ ਵਾਲੇ ਜ਼ਿਲ੍ਹਾ ਪੱਧਰੀ ਡਿਜੀਟਲ ਇਨੋਵੇਸ਼ਨ ਫੇਅਰ (ਟੈਕ ਫੇਅਰ 2026-27) ਵਿੱਚ ਸ਼ਾਮਲ ਹੋਣ ਲਈ ਵਿਸ਼ੇਸ਼ ਸੱਦਾ ਦਿੱਤਾ ਗਿਆ। ਉਨ੍ਹਾਂ ਨੂੰ ਬੇਨਤੀ ਕੀਤੀ ਗਈ ਕਿ ਉਹ ਸਮਾਗਮ ਵਿੱਚ ਸ਼ਿਰਕਤ ਕਰਕੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਤਕਨੀਕੀ ਕਾਢਾਂ, ਨਵੀਨਤਮ ਮਾਡਲਾਂ ਅਤੇ ਰਚਨਾਤਮਕ ਪ੍ਰੋਜੈਕਟਾਂ ਦੀ ਹੌਸਲਾ-ਅਫ਼ਜ਼ਾਈ ਕਰਨ।
ਇਸ ਸਬੰਧੀ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਮੇਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਤਕਨੀਕੀ ਖੇਤਰ ਵਿੱਚ ਆਪਣੀ ਪ੍ਰਤਿਭਾ ਦਿਖਾਉਣ, ਨਵੇਂ ਵਿਚਾਰਾਂ ਨੂੰ ਅਮਲੀ ਰੂਪ ਦੇਣ ਅਤੇ ਰੋਜ਼ਾਨਾ ਜੀਵਨ ਦੀਆਂ ਸਮੱਸਿਆਵਾਂ ਦੇ ਤਕਨੀਕੀ ਹੱਲ ਤਿਆਰ ਕਰਨ ਲਈ ਉਤਸ਼ਾਹਿਤ ਕਰਨਾ ਹੈ। ਇਸ ਮੁਕਾਬਲੇ ਵਿੱਚ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੀਆਂ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੀਆਂ ਟੀਮਾਂ ਭਾਗ ਲੈਣਗੀਆਂ। ਹਰੇਕ ਸਕੂਲ ਵੱਲੋਂ ਦੋ ਵਿਦਿਆਰਥੀਆਂ ਦੀ ਇੱਕ ਟੀਮ ਭੇਜੀ ਜਾ ਸਕਦੀ ਹੈ। ਭਾਗ ਲੈਣ ਵਾਲੀਆਂ ਟੀਮਾਂ ਨੂੰ ਆਪਣੇ ਪ੍ਰੋਜੈਕਟ ਦਾ ਕਾਰਜਸ਼ੀਲ ਨਮੂਨਾ ਅਤੇ ਉਸ ਦੀ ਪੇਸ਼ਕਾਰੀ (ਪੀ.ਪੀ.ਟੀ.) 14 ਨਵੰਬਰ 2026 ਤੱਕ ਜਮ੍ਹਾਂ ਕਰਵਾਉਣੀ ਲਾਜ਼ਮੀ ਹੋਵੇਗੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਪ੍ਰੇਮ ਕੁਮਾਰ ਮਿੱਤਲ ਜੀ ਦੀ ਅਗਵਾਈ ਹੇਠ ਮੁਕਾਬਲੇ ਦੇ ਸੁਚੱਜੇ ਸੰਚਾਲਨ ਅਤੇ ਪ੍ਰੋਜੈਕਟਾਂ ਦੀ ਸਮੀਖਿਆ ਲਈ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿੱਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਚੇਅਰਮੈਨ, ਜ਼ਿਲ੍ਹਾ ਨੋਡਲ ਅਫ਼ਸਰ ਦਿਸ਼ਾਂਤ ਮਹਿਤਾ ਨੂੰ ਮੈਂਬਰ ਸਕੱਤਰ, ਪ੍ਰਿੰਸੀਪਲ ਨੀਰਜ ਕੁਮਾਰ ਵਰਮਾ ਅਤੇ ਕੰਪਿਊਟਰ ਫੈਕਲਟੀ ਅਮਰੀਕ ਸਿੰਘ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਮੁਕਾਬਲੇ ਦੌਰਾਨ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਪ੍ਰੋਜੈਕਟਾਂ ਦਾ ਮੁਲਾਂਕਣ ਉਨ੍ਹਾਂ ਦੀ ਨਵੀਨਤਾ, ਸਿਰਜਣਾਤਮਕਤਾ, ਅਸਲ ਜੀਵਨ ਵਿੱਚ ਉਪਯੋਗਤਾ, ਕਾਰਜਸ਼ੀਲ ਨਮੂਨੇ ਅਤੇ ਸਮੱਸਿਆਵਾਂ ਦੇ ਹੱਲ ਕਰਨ ਦੀ ਸਮਰੱਥਾ ਦੇ ਆਧਾਰ ’ਤੇ ਕੀਤਾ ਜਾਵੇਗਾ।
ਉਨ੍ਹਾਂ ਹੋਰ ਦੱਸਿਆ ਕਿ ਮੁਕਾਬਲੇ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਟੀਮਾਂ ਨੂੰ ਕ੍ਰਮਵਾਰ 3100 ਰੁਪਏ, 2100 ਰੁਪਏ ਅਤੇ 1100 ਰੁਪਏ ਦੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੀਆਂ ਟੀਮਾਂ ਨੂੰ ਰਾਜ ਪੱਧਰੀ ਮੁਕਾਬਲੇ ਵਿੱਚ ਭਾਗ ਲੈਣ ਲਈ ਚੁਣਿਆ ਜਾਵੇਗਾ।
ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਅਜਿਹੇ ਮੰਚ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ, ਤਕਨੀਕੀ ਹੁਨਰ, ਨਵੀਆਂ ਕਾਢਾਂ ਅਤੇ ਸਮੂਹਿਕ ਤੌਰ ’ਤੇ ਕੰਮ ਕਰਨ ਦੀ ਭਾਵਨਾ ਨੂੰ ਵਿਕਸਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਨੂੰ ਇਸ ਮੇਲੇ ਵਿੱਚ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੀ ਅਪੀਲ ਕੀਤੀ।
















