ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ

Harjot Singh Bains Encourages Players and Inaugurates the Khedan Watan Punjab Diyan 2026

Harjot Singh Bains Encourages Players and Inaugurates the Khedan Watan Punjab Diyan 2026

ਸ੍ਰੀ ਅਨੰਦਪੁਰ ਸਾਹਿਬ 09 ਸਤੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਚੌਥਾ ਸੀਜ਼ਨ ਸ਼ੁਰੂ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 5 ਸਤੰਬਰ ਨੂੰ ਬਠਿੰਡਾ ਵਿਖੇ ਇਨ੍ਹਾਂ ਖੇਡਾਂ ਦਾ ਉਦਘਾਟਨ ਕੀਤਾ ਗਿਆ ਸੀ, ਜਦਕਿ 29 ਨਵੰਬਰ ਨੂੰ ਪਟਿਆਲਾ ਵਿਖੇ ਸਮਾਪਤੀ ਸਮਾਰੋਹ ਕਰਵਾਇਆ ਜਾਵੇਗਾ। ਇਸੇ ਤਹਿਤ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਦਸ਼ਮੇਸ਼ ਮਾਰਸ਼ਲ ਅਕੈਡਮੀ, ਸ੍ਰੀ ਅਨੰਦਪੁਰ ਸਾਹਿਬ ਵਿਖੇ ਖੇਡਾਂ ਦੀ ਸ਼ੁਰੂਆਤ ਕਰਵਾਈ ਅਤੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ।

Harjot Singh Bains Encourages Players and Inaugurates the Khedan Watan Punjab Diyan 2026

ਸਿੱਖਿਆ ਮੰਤਰੀ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਪਹਿਲਾ ਸੀਜ਼ਨ ਪੰਜਾਬ ਸਰਕਾਰ ਵੱਲੋਂ ਸਾਲ 2022 ਵਿੱਚ ਸ਼ੁਰੂ ਕੀਤਾ ਗਿਆ ਸੀ। ਪਿਛਲੇ ਸੀਜ਼ਨਾਂ ਦੌਰਾਨ ਇਨ੍ਹਾਂ ਖੇਡਾਂ ਨੂੰ ਸੂਬੇ ਦੇ ਖਿਡਾਰੀਆਂ ਅਤੇ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਅਤੇ ਲਗਭਗ 05 ਲੱਖ ਤੱਕ ਖਿਡਾਰੀਆਂ ਨੇ ਹਿੱਸਾ ਲਿਆ। ਇਸ ਵਾਰ ਸਰਕਾਰ ਵੱਲੋਂ ਖੇਡਾਂ ਵਿੱਚ 10 ਲੱਖ ਤੱਕ ਖਿਡਾਰੀਆਂ ਦੀ ਸ਼ਮੂਲੀਅਤ ਦਾ ਟੀਚਾ ਰੱਖਿਆ ਗਿਆ ਹੈ। ਇਨ੍ਹਾਂ ਖੇਡਾਂ ਰਾਹੀਂ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਮਿਲ ਰਿਹਾ ਹੈ ਅਤੇ ਪਿੰਡ ਪੱਧਰ ਤੋਂ ਲੈ ਕੇ ਸੂਬਾ ਪੱਧਰ ਤੱਕ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

      ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ 9 ਉਮਰ ਵਰਗਾਂ ਅਧੀਨ 38 ਖੇਡਾਂ, ਇੱਕ ਪ੍ਰਦਰਸ਼ਨੀ ਖੇਡ ਟੈਨਿਸ ਬਾਲ ਕ੍ਰਿਕਟ ਅਤੇ 4 ਪੈਰਾ ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਉਮਰ ਵਰਗਾਂ ਵਿੱਚ ਅੰਡਰ-14, ਅੰਡਰ-17, ਅੰਡਰ-21, 21-30, 31-40, 41-50, 51-60, 61-70 ਅਤੇ 70 ਸਾਲ ਤੋਂ ਉੱਪਰ ਦੇ ਵਰਗ ਸ਼ਾਮਲ ਹਨ। ਲੜਕਿਆਂ ਅਤੇ ਲੜਕੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਜਾਣਗੇ। ਖੇਡਾਂ ਦੇ ਜੇਤੂ ਖਿਡਾਰੀਆਂ ਨੂੰ 12 ਕਰੋੜ ਰੁਪਏ ਤੋਂ ਵੱਧ ਦੀ ਇਨਾਮੀ ਰਾਸ਼ੀ ਦੇ ਨਾਲ ਗ੍ਰੇਡੇਸ਼ਨ ਸਰਟੀਫਿਕੇਟ ਵੀ ਦਿੱਤੇ ਜਾਣਗੇ। ਇਸ ਨਾਲ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਹੋਰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ।

     ਸ੍ਰ.ਬੈਂਸ ਨੇ ਕਿਹਾ ਕਿ ਬਲਾਕ ਪੱਧਰ ’ਤੇ 7 ਖੇਡਾਂ ਦੇ ਮੁਕਾਬਲੇ 18 ਸਤੰਬਰ ਤੱਕ ਚੱਲਣਗੇ, ਜਿਨ੍ਹਾਂ ਵਿੱਚ ਅਥਲੈਟਿਕਸ, ਖੋ-ਖੋ, ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ, ਫੁੱਟਬਾਲ, ਵਾਲੀਬਾਲ ਸਮੈਸ਼ਿੰਗ ਅਤੇ ਵਾਲੀਬਾਲ ਸ਼ੂਟਿੰਗ ਸ਼ਾਮਲ ਹਨ। ਉਨ੍ਹਾਂ ਕਿਹਾ ਕਿ 20 ਤੋਂ 30 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ, ਜਿੱਥੇ ਇਨ੍ਹਾਂ 7 ਖੇਡਾਂ ਤੋਂ ਇਲਾਵਾ ਹੈਂਡਬਾਲ, ਸਾਫਟਬਾਲ, ਜੂਡੋ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰ ਲਿਫਟਿੰਗ, ਲਾਅਨ ਟੈਨਿਸ, ਰੈਸਲਿੰਗ, ਸਵੀਮਿੰਗ, ਬਾਕਸਿੰਗ, ਟੇਬਲ ਟੈਨਿਸ, ਵੇਟਲਿਫਟਿੰਗ, ਚੈੱਸ, ਸ਼ੂਟਿੰਗ, ਫੈਂਸਿੰਗ, ਰੋਲਰ ਸਕੇਟਿੰਗ ਅਤੇ ਆਰਚਰੀ ਸਮੇਤ ਕੁੱਲ 28 ਖੇਡਾਂ ਦੇ ਮੁਕਾਬਲੇ ਹੋਣਗੇ। ਇਸ ਤੋਂ ਬਾਅਦ ਸਿੱਖਿਆ ਮੰਤਰੀ ਨੇ ਕਿਹਾ ਕਿ 10 ਅਕਤੂਬਰ ਤੋਂ 23 ਨਵੰਬਰ ਤੱਕ ਸੂਬਾ ਪੱਧਰੀ ਮੁਕਾਬਲੇ ਹੋਣਗੇ, ਜਿੱਥੇ ਜ਼ਿਲ੍ਹਾ ਪੱਧਰ ਦੀਆਂ 28 ਖੇਡਾਂ ਤੋਂ ਇਲਾਵਾ ਜਿਮਨਾਸਟਿਕ, ਰੋਇੰਗ, ਕੈਕਿੰਗ-ਕੈਨੋਇੰਗ, ਵੁਸ਼ੂ, ਰਗਬੀ, ਸਾਈਕਲਿੰਗ, ਘੁੜਸਵਾਰੀ, ਤਾਇਕਵਾਂਡੋ, ਬੇਸਬਾਲ ਅਤੇ ਕਰਾਟੇ ਸਮੇਤ 10 ਹੋਰ ਖੇਡਾਂ ਨੂੰ ਸ਼ਾਮਲ ਕਰਕੇ ਕੁੱਲ 38 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ।

      ਸਿੱਖਿਆ ਮੰਤਰੀ ਨੇ ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਸ੍ਰੀ ਦਸ਼ਮੇਸ਼ ਮਾਰਸ਼ਲ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਏ ਮੁਕਾਬਲਿਆਂ ਦੌਰਾਨ ਤਿੰਨ ਦਿਨਾਂ ਵਿੱਚ ਐਥਲੈਟਿਕਸ, ਕਬੱਡੀ ਨੈਸ਼ਨਲ ਅਤੇ ਸਰਕਲ ਸਟਾਈਲ, ਵਾਲੀਬਾਲ, ਖੋ-ਖੋ ਅਤੇ ਫੁੱਟਬਾਲ ਦੇ ਮੁਕਾਬਲੇ ਕਰਵਾਏ ਜਾਣਗੇ। 9 ਸਤੰਬਰ ਨੂੰ ਲੜਕੀਆਂ ਦੇ ਅੰਡਰ-14, ਅੰਡਰ-17, ਅੰਡਰ-21, ਅੰਡਰ-30 ਅਤੇ 31-40 ਸਾਲ ਉਮਰ ਵਰਗ ਦੇ ਮੁਕਾਬਲੇ ਹੋਣਗੇ। ਇਸ ਤੋਂ ਇਲਾਵਾ ਅੰਡਰ-14 ਲੜਕਿਆਂ ਦੇ ਮੁਕਾਬਲੇ ਵੀ ਇਸੇ ਦਿਨ ਕਰਵਾਏ ਜਾ ਰਹੇ ਹਨ। ਇਸ ਦੇ ਨਾਲ ਹੀ 25 ਤੋਂ 28 ਨਵੰਬਰ ਤੱਕ ਪੈਰਾ ਪਾਵਰਲਿਫਟਿੰਗ, ਪੈਰਾ ਬੈਡਮਿੰਟਨ, ਵ੍ਹੀਲਚੇਅਰ ਬਾਸਕਟਬਾਲ ਅਤੇ ਪੈਰਾ ਅਥਲੈਟਿਕਸ ਦੇ ਮੁਕਾਬਲੇ ਕਰਵਾਏ ਜਾਣਗੇ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਨ੍ਹਾਂ ਖੇਡਾਂ ਦਾ ਮੁੱਖ ਉਦੇਸ਼ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਖੇਡਾਂ ਨਾਲ ਜੋੜਨਾ, ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨਾ ਅਤੇ ਪੰਜਾਬ ਵਿੱਚ ਖੇਡਾਂ ਲਈ ਹੋਰ ਮਜ਼ਬੂਤ ਮਾਹੌਲ ਪੈਦਾ ਕਰਨਾ ਹੈ।

     ਇਸ ਮੌਕੇ ਡਾਕਟਰ ਸੰਜੀਵ ਗੌਤਮ ਜ਼ਿਲ੍ਾ ਪ੍ਰਧਾਨ ਆਮ ਆਦਮੀ ਪਾਰਟੀ, ਰਣਜੀਤ ਸਿੰਘ ਓਲੰਪੀਅਨ, ਸੂਬੇਦਾਰ ਰਾਜਪਾਲ ਮੋਹੀਵਾਲ, ਸ਼ਮਸ਼ੇਰ ਸਿੰਘ ਲਖੇੜ, ਕੈਪਟਨ ਗੁਰਨਾਮ ਸਿੰਘ, ਮੰਚ ਸੰਚਾਲਕ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਮਨਜੀਤ ਸਿੰਘ ਮਾਵੀ, ਕੋਚ ਅਮਰਜੀਤ ਸਿੰਘ, ਜੌਨਲ ਸਕੱਤਰ ਅਸ਼ੋਕ ਰਾਣਾ, ਮਨਿੰਦਰ ਸਿੰਘ ਰਾਣਾ, ਕੋਚ ਦਰਪਾਲ ਸਿੰਘ, ਕੋਚ ਅਸ਼ੋਕ ਕੁਮਾਰ, ਮੁੱਖ ਕੋਚ ਜਗਬੀਰ ਸਿੰਘ ਜੱਗਾ, ਦਲਜੀਤ ਸਿੰਘ, ਕ੍ਰਾਂਤੀਪਾਲ, ਭੁਪਿੰਦਰ ਸਿੰਘ ਮਿੰਟੂ, ਕੁਲਦੀਪ ਸਿੰਘ ਕਾਲਾ, ਅੰਮ੍ਰਿਤ ਕੌਰ, ਪ੍ਰਦੀਪ ਸਿੰਘ ਮਾਨ, ਰਾਮ ਕੁਮਾਰ, ਅਵਤਾਰ ਸਿੰਘ ਰਾਣਾ, ਪਿਆਰੇ ਲਾਲ, ਸੋਮਨ ਚਾਂਦਲਾ, ਨੀਲਮ ਸ਼ਰਮਾ, ਨੀਲਮ ਰਾਣਾ, ਇਕਬਾਲ ਸਿੰਘ, ਲਖਬੀਰ ਕੌਰ , ਗੁਰਜਿੰਦਰ ਸਿੰਘ, ਡਾਕਟਰ ਹਰਮੇਸ਼ ਚੰਦ, ਸਤਨਾਮ ਸਿੰਘ, ਯਾਦਵਿੰਦਰ ਸਿੰਘ, ਰਣਵੀਰ ਸਿੰਘ, ਵਿਜੇ ਕੁਮਾਰ, ਬਲਾਕ ਸੰਮਤੀ ਮੈਂਬਰ ਰਾਮਪਾਲ, ਕਮਲ ਬਲੋਲੀ ,ਦਿਲਬਾਗ ਸਿੰਘ ਰਾਏਪੁਰ, ਮਲਕੀਤ ਸਿੰਘ ਰਾਏਪੁਰ, ਇੰਦਰਪਾਲ ਸਿੰਘ , ਸੁਰਜੀਤ ਸਿੰਘ, ਇਸਵਿੰਦਰ ਸਿੰਘ, ਸੁਰਿੰਦਰ ਸਿੰਘ ਭਟਨਾਗਰ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਅਤੇ ਖੇਡਾਂ ਨਾਲ ਸੰਬੰਧਿਤ ਅਧਿਆਪਕ ਹਾਜ਼ਰ ਸਨ।

Leave a Comment

Your email address will not be published. Required fields are marked *

Scroll to Top