Jasvir Singh Sekhon Urges Kitchen Gardens and Fruit Trees in Punjab Government Schools for Organic Vegetables
ਰੂਪਨਗਰ, 13 ਅਕਤੂਬਰ: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੌਮੀ ਖੁਰਾਕ ਸੁਰੱਖਿਆ ਕਾਨੂੰਨ, 2013 ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਦਿਆਂ ਹਰ ਯੋਗ ਲਾਭਪਾਤਰੀ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਬਣਦਾ ਲਾਭ ਮੁਹੱਈਆ ਕਰਵਾਇਆ ਜਾਵੇ ਅਤੇ ਸਰਕਾਰੀ ਸਕੂਲਾਂ ਵਿੱਚ ਜੈਵਿਕ ਸਬਜ਼ੀਆਂ ਲਈ ਰਸੋਈ ਤੇ ਫਲ ਦੇ ਬੂਟੇ ਵੀ ਲਗਾਏ ਜਾਣ।

ਉਨ੍ਹਾਂ ਜ਼ੋਰ ਦਿੱਤਾ ਕਿ ਸਰਕਾਰੀ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਮਿਆਰੀ ਤੇ ਪੌਸ਼ਟਿਕ ਭੋਜਨ ਅਤੇ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਕਮਰੇ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ ਦੀ ਮੌਜੂਦਗੀ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਜਸਵੀਰ ਸਿੰਘ ਸੇਖੋਂ ਨੇ ਰਾਸ਼ਨ ਵੰਡ ਪ੍ਰਣਾਲੀ, ਸਕੂਲਾਂ ਵਿੱਚ ਦੁਪਹਿਰ ਦੇ ਖਾਣੇ ਅਤੇ ਆਂਗਨਵਾੜੀ ਕੇਂਦਰਾਂ ਦੇ ਕੰਮਕਾਜ ਦੀ ਸਮੀਖਿਆ ਕੀਤੀ। ਉਨ੍ਹਾਂ ਰਾਸ਼ਨ ਕਾਰਡਾਂ ਨਾਲ ਸਬੰਧਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਅਤੇ ਕਿਸੇ ਵੀ ਯੋਗ ਪਰਿਵਾਰ ਨੂੰ ਸਰਕਾਰੀ ਯੋਜਨਾਵਾਂ ਦੇ ਲਾਭ ਤੋਂ ਵਾਂਝਾ ਨਾ ਰਹਿਣ ਦੇਣ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲਾਭਪਾਤਰੀਆਂ ਨੂੰ ਨਿਰਧਾਰਤ ਮਾਪਦੰਡਾਂ ਅਨੁਸਾਰ ਮਿਆਰੀ ਅਨਾਜ ਹੀ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਰਾਸ਼ਨ ਡਿਪੂਆਂ ’ਤੇ ਪੰਜਾਬ ਰਾਜ ਖੁਰਾਕ ਕਮਿਸ਼ਨ ਦਾ ਹੈਲਪਲਾਈਨ ਨੰਬਰ 9876764545 ਅਤੇ ਈ-ਮੇਲ punjabfoodcommission@gmail.com ਪ੍ਰਮੁੱਖ ਸਥਾਨ ’ਤੇ ਪ੍ਰਦਰਸ਼ਿਤ ਕਰਨ ਲਈ ਵੀ ਕਿਹਾ।
ਜਸਵੀਰ ਸਿੰਘ ਸੇਖੋਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਹਿਰਾਮਪੁਰ ਜ਼ਿੰਮੀਦਾਰਾਂ ਅਤੇ ਪਿੰਡ ਸ਼ਾਮਪੁਰਾ ਦੇ ਆਂਗਨਵਾੜੀ ਕੇਂਦਰ ਦਾ ਦੌਰਾ ਕਰਕੇ ਬੱਚਿਆਂ ਦੇ ਭੋਜਨ ਦੀ ਗੁਣਵੱਤਾ, ਪੀਣ ਵਾਲੇ ਪਾਣੀ ਅਤੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਉਨ੍ਹਾਂ ਸਕੂਲਾਂ ਵਿੱਚ ਰਸੋਈ ਬਗੀਚਿਆਂ ਦੀ ਸਾਂਭ-ਸੰਭਾਲ ਕਰਕੇ ਤਾਜ਼ੀਆਂ, ਜ਼ਹਿਰ-ਰਹਿਤ ਸਬਜ਼ੀਆਂ ਨੂੰ ਬੱਚਿਆਂ ਦੇ ਭੋਜਨ ਵਿੱਚ ਸ਼ਾਮਲ ਕਰਨ ਅਤੇ ਪਾਣੀ ਸ਼ੁੱਧ ਕਰਨ ਵਾਲੇ ਯੰਤਰਾਂ ਦੇ ਟੀਡੀਐੱਸ ਦੀ ਜਾਂਚ ਕਰਵਾਉਣ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਯੋਗ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਦਾ ਲਾਭ ਦੇਣ ਅਤੇ ਆਂਗਨਵਾੜੀ ਕੇਂਦਰਾਂ ਦੀ ਨਿਯਮਿਤ ਨਿਗਰਾਨੀ ਕਰਨ ’ਤੇ ਵੀ ਜ਼ੋਰ ਦਿੱਤਾ।
ਉਨ੍ਹਾਂ ਕਿਹਾ ਕਿ ਖੁਰਾਕ ਸੁਰੱਖਿਆ ਕਾਨੂੰਨ ਦਾ ਮੂਲ ਉਦੇਸ਼ ਹਰ ਹੱਕਦਾਰ ਵਿਅਕਤੀ ਤੱਕ ਉਸ ਦਾ ਬਣਦਾ ਹੱਕ ਪਹੁੰਚਾਉਣਾ ਹੈ। ਇਸ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਸਰਕਾਰੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ।
ਇਸ ਮੌਕੇ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਅਫ਼ਸਰ ਡਾ. ਕਿੰਮੀ ਵਨੀਤ ਕੌਰ ਸੇਠੀ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇੰਦਰਜੀਤ ਸਿੰਘ, ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਕੁਸੁਮ ਗੁਪਤਾ, ਬਾਗਬਾਨੀ ਵਿਭਾਗ ਤੋਂ ਡਾ. ਚਤਰਜੀਤ ਸਿੰਘ ਰਤਨ, ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਤੋਂ ਰਾਹੁਲ ਗੌਤਮ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

















