Khedan Watan Punjab Diyan 2026: District-Level Sports Competitions Begin in Rupnagar, DC Highlights Role of Sports in Youth Development
ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਅਨੁਸ਼ਾਸਨ, ਸਾਂਝੀਵਾਲਤਾ ਤੇ ਜਿੱਤ ਦੀ ਭਾਵਨਾ ਪੈਦਾ ਕਰਨ ਵਿੱਚ ਨਿਭਾਉਂਦੀਆਂ ਹਨ ਅਹਿਮ ਭੂਮਿਕਾ
ਰੂਪਨਗਰ, 28 ਸਤੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾ ਕੇ ਖੇਡ ਮੈਦਾਨਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਅੱਜ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਦਾ ਰਸਮੀ ਆਗਾਜ਼ ਹੋਇਆ। ਇਸ ਮੌਕੇ ਗੁਬਾਰੇ ਛੱਡ ਕੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਗਈ। ਜ਼ਿਲ੍ਹਾ ਪੱਧਰੀ ਇਹ ਮੁਕਾਬਲੇ 28 ਸਤੰਬਰ ਤੋਂ 5 ਅਕਤੂਬਰ 2026 ਤੱਕ ਜ਼ਿਲ੍ਹੇ ਦੇ ਵੱਖ-ਵੱਖ ਚੋਣਵੇਂ ਖੇਡ ਮੈਦਾਨਾਂ ਵਿੱਚ ਕਰਵਾਏ ਜਾਣਗੇ।
ਜ਼ਿਲ੍ਹਾ ਪੱਧਰੀ ਖੇਡਾਂ ਦਾ ਰਸਮੀ ਉਦਘਾਟਨ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਵੱਲੋਂ ਕੀਤਾ ਗਿਆ। ਇਸ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੀ ਸਭ ਤੋਂ ਵੱਡੀ ਤਾਕਤ ਇਸ ਦੀ ਨੌਜਵਾਨ ਸ਼ਕਤੀ ਹੈ ਅਤੇ ਨੌਜਵਾਨਾਂ ਦੀ ਊਰਜਾ, ਹੁਨਰ ਅਤੇ ਜਜ਼ਬੇ ਨੂੰ ਸਹੀ ਦਿਸ਼ਾ ਦੇਣ ਵਿੱਚ ਖੇਡਾਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ, ਕਿਉਂਕਿ ਖੇਡਾਂ ਉਨ੍ਹਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਸਾਂਝੀਵਾਲਤਾ, ਟੀਮ ਭਾਵਨਾ ਅਤੇ ਜਿੱਤ ਲਈ ਲਗਨ ਪੈਦਾ ਕਰਦੀਆਂ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਵੱਡੇ ਖੇਡ ਸਮਾਗਮ ਪਿੰਡਾਂ ਅਤੇ ਸ਼ਹਿਰਾਂ ਵਿੱਚ ਛੁਪੀ ਹੋਈ ਖੇਡ ਪ੍ਰਤਿਭਾ ਨੂੰ ਸਾਹਮਣੇ ਲਿਆਉਣ ਲਈ ਮਹੱਤਵਪੂਰਨ ਮੰਚ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲਿਆਂ ਰਾਹੀਂ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਦੇ ਨਾਲ-ਨਾਲ ਉੱਚ ਪੱਧਰੀ ਮੁਕਾਬਲਿਆਂ ਲਈ ਤਿਆਰੀ ਕਰਨ ਦਾ ਮੌਕਾ ਮਿਲਦਾ ਹੈ।
ਉਨ੍ਹਾਂ ਖਿਡਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਆਪਣਾ ਟੀਚਾ ਕੇਵਲ ਬਲਾਕ ਜਾਂ ਜ਼ਿਲ੍ਹਾ ਪੱਧਰ ਤੱਕ ਸੀਮਤ ਨਾ ਰੱਖਣ, ਸਗੋਂ ਸੂਬਾ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਪੂਰੀ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ। ਉਨ੍ਹਾਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਭਾਗ ਲੈਣ ਅਤੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਲਈ ਨਿਰੰਤਰ ਅਭਿਆਸ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਗੱਤਕਾ ਟੀਮ ਦੇ ਖਿਡਾਰੀਆਂ ਵੱਲੋਂ ਸ਼ਾਨਦਾਰ ਗੱਤਕਾ ਪ੍ਰਦਰਸ਼ਨ ਵੀ ਕੀਤਾ ਗਿਆ, ਜਿਸ ਨੇ ਹਾਜ਼ਰੀਨ ਵਿੱਚ ਖਾਸ ਉਤਸ਼ਾਹ ਪੈਦਾ ਕੀਤਾ।
ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਰੂਪਨਗਰ ਸ. ਜਗਜੀਵਨ ਸਿੰਘ ਗਿੱਲ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਢੁੱਕਵਾਂ ਮੰਚ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵੱਲੋਂ ਮੁਕਾਬਲਿਆਂ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਖਿਡਾਰੀਆਂ ਨੂੰ ਬਿਹਤਰ ਖੇਡ ਮਾਹੌਲ ਪ੍ਰਦਾਨ ਕਰਨ ਲਈ ਵਿਭਾਗ ਵੱਲੋਂ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ।
ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰੀ ਕਰਨ ਮਹਿਤਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਇੰਦਰਜੀਤ ਸਿੰਘ, ਸਰਕਾਰੀ ਬਹੁਤਕਨੀਕੀ ਕਾਲਜ ਤੋਂ ਸ੍ਰੀ ਵਿਨੋਦ ਕੁਮਾਰ, ਖੇਡ ਵਿਭਾਗ ਦੇ ਕੋਚ ਜੀ.ਐਸ. ਚੀਮਾ, ਲਵਜੀਤ ਸਿੰਘ ਕੰਗ, ਸ਼ੀਲ ਭਗਤ, ਤਨਵੀਰ ਕੌਰ, ਇੰਦਰਜੀਤ ਸਿੰਘ, ਪਿੰਕਾਸ਼ ਧੀਮਾਨ, ਯਸ਼ ਰਾਜੌਰੀਆਂ, ਨਰੇਸ਼ ਰਜੋਰੀਆਂ, ਵੰਦਨਾ ਬਹਾਰੀ, ਉਕਰਦੀਪ ਕੌਰ, ਰਵਿੰਦਰਜੀਤ ਕੌਰ, ਸੁਨੀਤਾ ਰਾਣੀ, ਰੀਤੂ, ਨਵਦੀਪ ਸਿੰਘ ਅਤੇ ਜਗਰੂਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਖਿਡਾਰੀ, ਸ਼ਹਿਰ ਵਾਸੀ ਅਤੇ ਪਤਵੰਤੇ ਸੱਜਣ ਹਾਜ਼ਰ ਸਨ।



















