‘Khet Bachao Abhiyan’: KVK Educates Khabra Farmers on Balanced Use of Fertilizers
ਰੂਪਨਗਰ, 17 ਜੂਨ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.), ਰੋਪੜ ਵੱਲੋਂ “ਖੇਤ ਬਚਾਓ ਅਭਿਆਨ” ਤਹਿਤ ਬਲਾਕ ਰੂਪਨਗਰ ਦੇ ਪਿੰਡ ਖਾਬੜਾ ਵਿਖੇ ਫਸਲਾਂ ਵਿੱਚ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਕਿਸਾਨ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਅਤੇ ਆਈ.ਸੀ.ਏ.ਆਰ.-ਅਟਾਰੀ, ਜ਼ੋਨ-1 ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ।
ਪ੍ਰੋਗਰਾਮ ਦੌਰਾਨ ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ), ਕੇ.ਵੀ.ਕੇ. ਰੋਪੜ ਡਾ. ਸਤਬੀਰ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਨਰਸਰੀ ਵਿੱਚ ਪੌਸ਼ਟਿਕ ਤੱਤਾਂ ਦੀ ਘਾਟ ਦੀ ਪਛਾਣ ਕਰਨ ਅਤੇ ਸਿਹਤਮੰਦ ਪਨੀਰੀ ਤਿਆਰ ਕਰਨ ਦੇ ਵਿਗਿਆਨਕ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ।
ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਡਾ. ਜਗਮਨਜੋਤ ਸਿੰਘ ਮਾਨ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਖਾਦਾਂ ਦੀ ਵਰਤੋਂ ਮਿੱਟੀ ਦੀ ਜਾਂਚ ਦੇ ਨਤੀਜਿਆਂ ਦੇ ਆਧਾਰ ’ਤੇ ਕੀਤੀ ਜਾਵੇ ਅਤੇ ਪੌਸ਼ਟਿਕ ਤੱਤਾਂ ਨੂੰ ਸਹੀ ਮਾਤਰਾ, ਸਹੀ ਸਮੇਂ ਅਤੇ ਸਹੀ ਢੰਗ ਨਾਲ ਫਸਲਾਂ ਨੂੰ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਜੇਕਰ ਕਣਕ ਦੀ ਫਸਲ ਵਿੱਚ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਡੀ.ਏ.ਪੀ. ਖਾਦ ਦੀ ਵਰਤੋਂ ਕੀਤੀ ਗਈ ਹੋਵੇ ਤਾਂ ਉਸ ਤੋਂ ਬਾਅਦ ਝੋਨੇ ਦੀ ਫਸਲ ਲਈ ਫਾਸਫੋਰਸ ਖਾਦ ਪਾਉਣ ਦੀ ਲੋੜ ਨਹੀਂ ਰਹਿੰਦੀ। ਇਸ ਨਾਲ ਖੇਤੀ ਲਾਗਤਾਂ ਵਿੱਚ ਕਮੀ ਆਉਣ ਦੇ ਨਾਲ-ਨਾਲ ਖਾਦਾਂ ਦੀ ਸੰਤੁਲਿਤ ਵਰਤੋਂ ਨੂੰ ਵੀ ਉਤਸ਼ਾਹ ਮਿਲਦਾ ਹੈ।
ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਝੋਨੇ ਦੀ ਲੁਆਈ ਤੋਂ ਬਾਅਦ ਯੂਰੀਆ ਖਾਦ ਦੀ ਵਰਤੋਂ ਛੋਟੇ ਸਮੇਂ ਦੀਆਂ ਕਿਸਮਾਂ, ਜਿਵੇਂ ਪੀ.ਆਰ.-126, ਵਿੱਚ 7, 21 ਅਤੇ 35 ਦਿਨਾਂ ਬਾਅਦ ਤਿੰਨ ਬਰਾਬਰ ਕਿਸ਼ਤਾਂ ਵਿੱਚ ਕੀਤੀ ਜਾਵੇ, ਜਦਕਿ ਦਰਮਿਆਨੇ ਸਮੇਂ ਦੀਆਂ ਕਿਸਮਾਂ ਵਿੱਚ ਇਹ ਕਿਸ਼ਤਾਂ 7, 21 ਅਤੇ 42 ਦਿਨਾਂ ਬਾਅਦ ਪਾਈਆਂ ਜਾਣ। ਉਨ੍ਹਾਂ ਨੇ ਝੋਨੇ ਵਿੱਚ ਲੋਹੇ ਦੀ ਘਾਟ ਦੂਰ ਕਰਨ ਲਈ 0.5 ਫੀਸਦੀ ਫੈਰਸ ਸਲਫੇਟ ਦਾ ਘੋਲ ਤਿਆਰ ਕਰਕੇ ਸ਼ਾਮ ਦੇ ਸਮੇਂ ਪ੍ਰਤੀ ਏਕੜ ਛਿੜਕਾਅ ਕਰਨ ਦੀ ਸਿਫ਼ਾਰਸ਼ ਵੀ ਕੀਤੀ।
ਸਹਾਇਕ ਪ੍ਰੋਫੈਸਰ (ਪੌਦਾ ਸੁਰੱਖਿਆ) ਡਾ. ਉਰਵੀ ਸ਼ਰਮਾ ਨੇ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਵਿੱਚ ਵ੍ਹਾਈਟ-ਬੈਕਡ ਪਲਾਂਟ ਹੌਪਰ (ਡੱਬੀ ਟਿੱਡਾ) ਦੀ ਨਿਯਮਿਤ ਨਿਗਰਾਨੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਕੀੜੇ ਦੀ ਸਮੇਂ ਸਿਰ ਪਛਾਣ ਅਤੇ ਸਿਫ਼ਾਰਸ਼ੀ ਕੀਟਨਾਸ਼ਕਾਂ ਦੀ ਵਰਤੋਂ ਨਾਲ ਝੋਨੇ ਵਿੱਚ ਮਧਰੇਪਨ (ਵਾਇਰਸ ਰੋਗ) ਦੇ ਫੈਲਾਅ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਜਾ ਸਕਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੇ ਕੀਟਨਾਸ਼ਕਾਂ ਦੀ ਵਰਤੋਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਪ੍ਰੋਗਰਾਮ ਵਿੱਚ ਮਾਹਿਰਾਂ ਵੱਲੋਂ ਕਿਸਾਨਾਂ ਦੇ ਖੇਤਾਂ ਦਾ ਦੌਰਾ ਕਰਕੇ ਫਸਲਾਂ ਨਾਲ ਸਬੰਧਿਤ ਸਮੱਸਿਆਵਾਂ ਦਾ ਮੌਕੇ ’ਤੇ ਨਿਰੀਖਣ ਕੀਤਾ ਗਿਆ ਅਤੇ ਉਨ੍ਹਾਂ ਦੇ ਵਿਗਿਆਨਕ ਹੱਲ ਸੁਝਾਏ ਗਏ।

















