ਰੂਪਨਗਰ, 29 ਅਗਸਤ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਸੰਬੰਧੀ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਪ੍ਰਦੂਸ਼ਣ ਦੀ ਰੋਕਥਾਮ ਅਤੇ ਵਾਤਾਵਰਨ ਸੰਭਾਲ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਮੀਟਿੰਗ ਵਿਚ ਸਮੂਹ ਐਸ.ਡੀ.ਐਮ, ਸਥਾਨਕ ਸਰਕਾਰਾਂ ਵਿਭਾਗ ਦੇ ਕਾਰਜਸਾਧਕ ਅਫਸਰਾਂ ਅਤੇ ਪੇਂਡੂ ਵਿਕਾਸ ਵਿਭਾਗ ਦੇ ਬੀ.ਡੀ.ਓਜ਼ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਜ਼ਿਲ੍ਹੇ ਵਿਚ ਸੜਕਾਂ, ਰਸਤਿਆਂ ਅਤੇ ਖੁੱਲੀਆਂ ਥਾਵਾਂ ਉਤੇ ਘਰਾਂ ਦਾ ਜਾਂ ਹੋਰ ਕਿਸੇ ਵੀ ਕਿਸਮ ਦਾ ਕੂੜਾ ਸੁੱਟਣ ਵਾਲਿਆਂ ਨੂੰ ਜੁਰਮਾਨੇ ਕੀਤੇ ਜਾਣ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵਿਭਾਗੀ ਅਧਿਕਾਰੀਆਂ ਤੋਂ ਵਾਤਾਵਰਣ ਦੀ ਸੰਭਾਲ ਵਿੱਚ ਕੀਤੀਆਂ ਗਈਆਂ ਅਤੇ ਭਵਿੱਖ ਵਿਚ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਦਾ ਲੇਖਾ-ਜੋਖਾ ਹਾਸਲ ਕੀਤਾ ਤੇ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਕਿ ਵਾਤਾਵਰਣ ਨੂੰ ਨਾ ਠੀਕ ਹੋਣ ਵਾਲੇ ਨੁਕਸਾਨ ਕਰਨ ਵਾਲੇ ਦੋਸ਼ੀਆਂ ਨੂੰ ਕਿਸੇ ਵੀ ਪੱਧਰ ਉਤੇ ਨਾ ਬਖਸ਼ਿਆ ਜਾਵੇ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਹਦਾਇਤਾਂ ਜਾਰੀ ਹੋਈਆਂ ਹਨ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਿਭਾਗ ਇਕ ਵਾਰ ਵਰਤੋਂ ਵਾਲੇ ਪਲਾਸਟਿਕ ਦਾ ਭੰਡਾਰ, ਸਪਲਾਈ ਅਤੇ ਨਿਰਮਾਣ ਕਰਨ ਵਾਲਿਆਂ ਵਿਰੁੱਧ ਨਿਤੀਗਤ ਤਰੀਕੇ ਨਾਲ ਕਾਰਵਾਈ ਕਰੇ। ਜੋ ਵੀ ਉਤਪਾਦਕ ਜਾਂ ਵਿਕਰੇਤਾ ਵਾਰ-ਵਾਰ ਇਕ ਵਾਰ ਵਰਤੋਂ ਵਾਲੇ ਪਲਾਸਟਿਕ ਦਾ ਭੰਡਾਰ ਸਪਲਾਈ ਜਾ ਨਿਰਮਾਣ ਕਰਦਾ ਹੋਇਆ ਫੜਿਆ ਜਾਂਦਾ ਹੈ ਤਾਂ ਉਸ ਨੂੰ ਨਿਯਮਾਂ ਤਹਿਤ ਵੱਧ ਤੋਂ ਵੱਧ ਜੁਰਮਾਨਾ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਚੱਲ ਰਹੇ ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ ਸੋਲਿਡ ਵੇਸਟ ਮੈਨੇਜਮੈਂਟ ਸਬੰਧੀ ਜਾਣਕਾਰੀ ਲੈਂਦੇ ਹੋਏ ਕਿਹਾ ਕਿ ਗੰਦੇ ਪਾਣੀ ਅਤੇ ਸੋਲਿਡ ਵੇਸਟ ਮੈਨੇਜਮੈਂਟ ਲਈ ਸੁਚੱਜੇ ਪ੍ਰਬੰਧ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਚਾਈਨਾ ਡੋਰ ਵੇਚਣ ਤੇ ਖਰੀਦਣ ਵਾਲਿਆਂ ਖਿਲਾਫ ਜਮੀਨੀ ਪੱਧਰ ਉਤੇ ਕਾਰਵਾਈ ਕਰਨ ਲਈ ਛਾਪੇਮਾਰ ਟੀਮਾਂ ਗਠਿਤ ਕਰ ਦਿੱਤੀਆਂ ਗਈਆਂ ਹਨ ਅਤੇ ਇਨ੍ਹਾਂ ਟੀਮਾਂ ਨੂੰ ਖਾਸ ਤੌਰ ਉਤੇ ਚਾਈਨਾ ਡੋਰ ਖਰੀਦਣ ਵਾਲਿਆਂ ਖਿਲਾਫ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ।




















